ਐੱਸਪੀਐੱਨ ਕਾਲਜ ਮੁਕੇਰੀਆਂ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ
ਐੱਸਪੀਐੱਨ ਕਾਲਜ ਮੁਕੇਰੀਆਂ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ
Publish Date: Sat, 14 Mar 2026 04:53 PM (IST)
Updated Date: Sun, 15 Mar 2026 04:04 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆਂ (ਐੱਸਪੀਐੱਨ ਕਾਲਜ) ਮੁਕੇਰੀਆਂ ਵਿੱਚ ਅਕਾਦਮਿਕ ਸੈਸ਼ਨ 2022–23, 2023–24 ਅਤੇ 2024–25 ਵਿੱਚ ਪਾਸ ਹੋਏ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਰੋਹ ਵਿਦਿਆਰਥੀਆਂ ਦੀ ਸਿੱਖਿਅਕ ਯਾਤਰਾ ਦੇ ਇੱਕ ਮਹੱਤਵਪੂਰਨ ਮੋੜ ਦਾ ਪ੍ਰਤੀਕ ਬਣਿਆ, ਜਿਸ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਹਾਂਵਿਦਿਆਲੇ ਦੀ ਪ੍ਰਬੰਧਕੀ ਕਮੇਟੀ, ਅਧਿਆਪਕ ਵਰਗ, ਮਾਪਿਆਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐੱਸਡੀਐੱਮ ਮੁਕੇਰੀਆਂ ਜਯੋਤਸਨਾ ਸਿੰਘ ਨੇ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਦੀਪ ਰੌਸ਼ਨ ਕਰਨ ਦੀ ਰਸਮ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਂਥਮ ਨਾਲ ਹੋਈ, ਜਿਸ ਨਾਲ ਗਿਆਨ, ਅਨੁਸ਼ਾਸਨ ਅਤੇ ਵਿੱਦਿਅਕ ਉਤਮਤਾ ਦੀ ਭਾਵਨਾ ਨੂੰ ਮਜ਼ਬੂਤੀ ਮਿਲੀ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਸਾਲਾਨਾ ਅਕਾਦਮਿਕ ਰਿਪੋਰਟ ਪੇਸ਼ ਕੀਤੀ ਅਤੇ ਕਾਲਜ ਦੀਆਂ ਵਿੱਦਿਅਕ ਪ੍ਰਾਪਤੀਆਂ, ਤਰੱਕੀ ਅਤੇ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਪ੍ਰਬੰਧਕੀ ਕਮੇਟੀ ਦੇ ਸਕੱਤਰ ਸੰਜੀਵ ਆਨੰਦ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਸੀਨੀਅਰ ਮੀਤ ਪ੍ਰਧਾਨ ਅਜੀਤ ਨਾਰੰਗ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਲਵ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੁੱਖ ਮਹਿਮਾਨ ਐੱਸਡੀਐੱਮ ਜਯੋਤਸਨਾ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਉੱਚੇ ਟੀਚੇ ਨਿਰਧਾਰਤ ਕਰਨ, ਦ੍ਰਿੜ਼ ਨਿਸ਼ਚੇ ਨਾਲ ਅੱਗੇ ਵਧਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਨ ਮੱਕੜ ਨੇ ਵੀ ਵਿਦਿਆਰਥੀਆਂ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ। ਰਜਿਸਟਰਾਰ ਪ੍ਰੋ. ਨਾਰਾਇਣ ਸਿੰਘ ਨੇ ਡਿਗਰੀ ਵੰਡ ਸਮਾਰੋਹ ਦੀ ਰਸਮੀ ਮਨਜ਼ੂਰੀ ਦਿੱਤੀ। ਇਸ ਮੌਕੇ ਯੂਨੀਵਰਸਿਟੀ ਪੱਧਰ ’ਤੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਦੌਰਾਨ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ 800 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਮੰਚ ਸੰਚਾਲਨ ਪ੍ਰੋ. ਵਿਕਰਮ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਵੱਲੋਂ ਬਾਖੂਬੀ ਕੀਤਾ ਗਿਆ। ਸਮਾਰੋਹ ਦੇ ਅੰਤ ਵਿੱਚ ਰਾਸ਼ਟਰੀ ਗੀਤ ਅਤੇ ਰਾਸ਼ਟਰੀ ਗਾਨ ਨਾਲ ਸਮਾਰੋਹ ਦੀ ਸਮਾਪਤੀ ਹੋਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਸਤੀਸ਼ ਅਗਰਵਾਲ, ਵਿਨੋਦ ਕੁਮਾਰ, ਵਰਜਿੰਦਰ ਅਗਰਵਾਲ, ਸੁਰਜੀਤ ਸਿੰਘ ਭੱਟੀਆ, ਡਾ. ਰਾਜੇਸ਼ ਲਖਨਪਾਲ, ਅਰੁਣੇਸ਼ ਸ਼ਾਕਰ, ਸਰਿਤਾ ਮੱਕੜ, ਮੀਨਾਕਸ਼ੀ ਆਨੰਦ, ਵਰਸ਼ਾ ਸਵਰਾਜ, ਅਲਕਾ ਲਖਨਪਾਲ, ਰੇਨੂੰ ਅਗਰਵਾਲ ਅਤੇ ਸ਼ੁਕਲਾ ਮਹਾਜਨ ਸਮੇਤ ਕਾਲਜ ਦਾ ਅਧਿਆਪਕ ਵਰਗ, ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜ਼ੂਦ ਰਹੇ।