- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਮਜ਼ਦੂਰਾਂ, ਕਿਸਾਨਾਂ ਤੇ ਗਰੀਬ ਵਰਗ ਨਾਲ ਵਿਤਕਰਾ ਕਰ ਰਹੀ ਹੈ: ਐਡਵੋਕੇਟ ਦਲਜੀਤ ਸਿੰਘ ਗਿਲਜੀਆਂ

ਕੇਂਦਰ ਮਜ਼ਦੂਰਾਂ,-ਕਿਸਾਨਾਂ ਤੇ ਗਰੀਬ ਵਰਗ ਨਾਲ ਕਰ ਰਹੀ ਵਿਤਕਰਾ : ਗਿਲਜੀਆਂ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸਥਾਨਕ ਅੱਡਾ ਮਾਹਿਲਪੁਰ ਵਿਖੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਬਾਕਸ--
ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਹਮਲਾ
ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਪਿਛਲੇ 12 ਸਾਲਾਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ‘ਤੇ ਕਥਿਤ ਡਾਕਾ ਮਾਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਨਰੇਗਾ ਯੋਜਨਾ ਨੂੰ ਬਦਲ ਕੇ ਜਨਤਾ ਦਾ “ਕੰਮ ਦੀ ਗਰੰਟੀ” ਦਾ ਮੌਲਿਕ ਅਧਿਕਾਰ ਖੋਹਣਾ ਚਾਹੁੰਦੀ ਹੈ, ਜਿਸ ਨਾਲ ਦੇਸ਼ ਦੇ ਲਗਭਗ 12.5 ਕਰੋੜ ਲੋਕ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਿਹ ਮੰਤਰੀ ਦੇ ਪੰਜਾਬ ਦੌਰੇ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਜ਼ਿਲ੍ਹਾ ਮੁੱਖਾਲਿਆਂ ‘ਤੇ ਰੋਸ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨਾਲ ਸੰਬੰਧਿਤ ਮੁੱਦਿਆਂ ਨੂੰ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ ਅਤੇ ਉਨ੍ਹਾਂ ਦਾ ਹੱਲ ਲੱਭਿਆ ਜਾ ਸਕੇ।
ਬਾਕਸ--
ਵਿਕਸਤ ਭਾਰਤ ਦੇ ਦਾਅਵਿਆਂ ’ਤੇ ਤੰਜ਼
ਗਿਲਜੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਇੱਕ ਪਾਸੇ ‘ਵਿਕਸਤ ਭਾਰਤ’ ਦੀਆਂ ਗੱਲਾਂ ਕਰਦੀ ਹੈ, ਪਰ ਦੂਜੇ ਪਾਸੇ ਹਾਲਾਤ ਇਹ ਹਨ ਕਿ ਲੋਕਾਂ ਨੂੰ 20 ਸਾਲ ਪਿੱਛੇ ਧੱਕਦੇ ਹੋਏ ਡੀਪੂਆਂ ‘ਤੇ ਮੁੜ ਮਿੱਟੀ ਦਾ ਤੇਲ ਵੰਡਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਲੋਕ ਸਟੋਵ ਵਰਤਣਾ ਛੱਡ ਚੁੱਕੇ ਹਨ ਤਾਂ ਇਸ ਮਿੱਟੀ ਦੇ ਤੇਲ ਦਾ ਕੀ ਲਾਭ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਗੈਸ ਸਿਲੰਡਰ ਬੁੱਕ ਕਰਵਾਉਣ ਵਿੱਚ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਸ ਬੁੱਕ ਕਰਵਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ ਦੌਰਾਨ ਹਾਲ ਹੀ ਵਿੱਚ ਇੱਕ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ।
ਬਾਕਸ--
ਪੰਜਾਬ ਦੀ ਮੌਜੂਦਾ ਸਥਿਤੀ ਅਤੇ ‘ਆਪ’ ਸਰਕਾਰ ’ਤੇ ਨਿਸ਼ਾਨਾ
ਐਡਵੋਕੇਟ ਗਿਲਜੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿਨ-ਦਿਹਾੜੇ ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਕਾਰਨ ਬਾਜ਼ਾਰਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਜਿਹੜੇ ਬਾਜ਼ਾਰ ਪਹਿਲਾਂ ਰਾਤ ਦੇ ਦੇਰ ਤੱਕ ਖੁੱਲ੍ਹੇ ਰਹਿੰਦੇ ਸਨ, ਉਹ ਹੁਣ ਦਿਨ ਢੱਲਦਿਆਂ ਹੀ ਬੰਦ ਹੋਣ ਲੱਗ ਪਏ ਹਨ।
ਬਾਕਸ==
ਨਸ਼ਿਆਂ ਦਾ ਵਧਦਾ ਪ੍ਰਸਾਰ
ਗਿਲਜੀਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਪਣੇ ਆਗੂ ਵੀ ਨਸ਼ਿਆਂ ਦੀ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਜਾ ਰਹੇ ਹਨ, ਜਿਸ ਨਾਲ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਬਾਕਸ--
ਰੁਕਿਆ ਹੋਇਆ ਵਿਕਾਸ
ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਂਗਰਸ ਸਰਕਾਰ ਦੇ ਸਮੇਂ ਮਨਜ਼ੂਰ ਹੋਇਆ ਸੀ, ਪਰ ਮੌਜੂਦਾ ਸਰਕਾਰ ਨੇ ਇਸ ਨੂੰ ਅੱਗੇ ਵਧਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਸਮੇਂ ਕਈ ਵਿਕਾਸ ਕਾਰਜ ਠੱਪ ਹੋ ਗਏ ਹਨ।
ਬਾਕਸ--
ਖੇਤੀਬਾੜੀ ‘ਤੇ ਹਮਲੇ ਦੇ ਦੋਸ਼
ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਟਰੇਡ ਡੀਲ ਸਿੱਧੇ ਤੌਰ ‘ਤੇ ਭਾਰਤ ਦੀ ਕਿਸਾਨੀ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਖੇਤੀਬਾੜੀ ਖੇਤਰ ਵਿੱਚ ਸਿੱਧਾ ਦਖਲ ਦੇਣ ਦਾ ਮੌਕਾ ਮਿਲੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝੌਤੇ ਅਧੀਨ ਭਾਰਤ ਦੇ ਐਕਸਪੋਰਟ ‘ਤੇ 18 ਫ਼ੀਸਦੀ ਕਰ ਲੱਗੇਗਾ ਜਦਕਿ ਅਮਰੀਕਾ ਲਈ 0 ਫ਼ੀਸਦੀ ਕਰ ਹੋਵੇਗਾ, ਜੋ ਕਿ ਸ਼ਰੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਤਰ੍ਹਾਂ ਦੀਆਂ ਨੀਤੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਬਾਕਸ--
ਆਗੂਆਂ ਦੀ ਹਾਜ਼ਰੀ
ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਅਰੁਣ ਡੋਗਰਾ, ਐਡਵੋਕੇਟ ਰੋਹਿਤ ਜੋਸ਼ੀ, ਯਾਮੀਨੀ ਗੋਮਰ, ਅਮਰਪਾਲ ਕਾਕਾ, ਚੰਦਨ ਕੁੱਕੂ, ਵਨੀਤਾ ਸ਼ਰਮਾ, ਮਨਜਿੰਦਰ ਸਿੰਘ, ਸਰਵਣ ਸਿੰਘ, ਰਣਜੀਤ ਕੁਮਾਰ, ਸੋਢੀ ਬਡੀਆਲ, ਗੁਰਮੀਤ ਸਿੱਧੂ, ਬਲਵਿੰਦਰ ਕੌਰ, ਹਰਜੀਤ ਕੌਰ, ਸੁਰਿੰਦਰ ਸਠਿਆਲਾ, ਹੰਸ ਰਾਜ, ਗੁਰਸੇਵਕ ਮਾਰਸ਼ਲ, ਗੋਲਡੀ ਖਾਸਰੀਆ, ਲੱਬਾ ਜਾਹੁਰਾ, ਬੀਟਨ, ਆਸ਼ਾ ਦੱਤਾ, ਅਸ਼ੋਕ ਸ਼ਰਮਾ, ਸੁਖਬੀਰ ਸਿੰਘ ਸਮੇਤ ਵੱਡੀ ਤਾਦਾਦ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।