ਸਵੱਛਤਾ ਜਾਗਰੂਕਤਾ ਸਮਾਗਮ ਤੇ ਪੌਦੇ ਲਾਉਣ ਦੀ ਮੁਹਿੰਮ ਚਲਾਈ
ਬੀ.ਬੀ.ਐਮ.ਬੀ. ਵੱਲੋਂ ਪਿੰਡ ਰਾਮ ਨੰਗਲ ਵਿਖੇ ਸਵੱਛਤਾ ਜਾਗਰੂਕਤਾ ਸਮਾਗਮ ਅਤੇ ਪੌਦੇ ਲਗਾਉਣ ਦੀ ਮੁਹਿੰਮ
Publish Date: Sun, 15 Mar 2026 04:31 PM (IST)
Updated Date: Mon, 16 Mar 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਰਾਮ ਨੰਗਲ ਵਿੱਚ ਸਵੱਛਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਾਰਜਕਾਰੀ ਇੰਜਨੀਅਰ ਰਬਿੰਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ ਕੁਠਲੈੜੀਆ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਵੱਛਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਆਪਣੇ ਘਰਾਂ, ਗਲੀਆਂ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਪਿੰਡ ਵਿੱਚ ਸਵੱਛਤਾ ਰੈਲੀ ਵੀ ਕੱਢੀ ਗਈ, ਪਿੰਡ ਵਾਸੀਆਂ ਨੂੰ ਪੌਦੇ ਵੰਡੇ ਗਏ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਮਾਸਕ ਤਕਸੀਮ ਕੀਤੇ ਗਏ। ਕਾਰਜਕਾਰੀ ਇੰਜਨੀਅਰ ਰਬਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਵੱਛਤਾ ਸਿਰਫ ਸਰਕਾਰ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇ ਹਰ ਵਿਅਕਤੀ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖੇ ਤਾਂ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਵੱਛ ਭਾਰਤ ਮੁਹਿੰਮ ਨਾਲ ਜੁੜ ਕੇ ਇਸਨੂੰ ਲੋਕ ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ ਕੁਠਲੈੜੀਆ ਨੇ ਕਿਹਾ ਕਿ ਸਵੱਛਤਾ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ ਅਤੇ ਗੰਦਗੀ ਕਾਰਨ ਕਈ ਬਿਮਾਰੀਆਂ ਫੈਲਦੀਆਂ ਹਨ। ਇਸ ਲਈ ਹਰ ਵਿਅਕਤੀ ਨੂੰ ਸਫਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਸਮਾਗਮ ਦੇ ਅੰਤ ਵਿੱਚ ਪਿੰਡ ਵਾਸੀਆਂ ਨੂੰ ਸਵੱਛਤਾ ਬਾਰੇ ਜਾਗਰੂਕ ਰਹਿਣ ਅਤੇ ਆਪਣੇ ਇਲਾਕੇ ਨੂੰ ਸਾਫ਼ ਰੱਖਣ ਦਾ ਪ੍ਰਣ ਵੀ ਦਿਵਾਇਆ ਗਿਆ। ਇਸ ਮੌਕੇ ਐਸਡੀਓ ਧੀਰਜ ਕੁਮਾਰ, ਐੱਸਡੀਓ ਗੋਪਾਲ, ਜੇਈ ਗੁਲਸ਼ਨ ਕੁਮਾਰ, ਜਤਿਨ ਸ਼ਰਮਾ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਸਟਾਫ ਵੀ ਮੌਜੂਦ ਸੀ।