ਔਰਤਾਂ ਨੂੰ ਵਿੱਤੀ ਸਹਾਇਤਾ ਤੇ ਬਕਾਇਆ ਰਕਮ ਦੇਣ ਦੀ ਮੰਗ
ਹਰ ਮਹਿਲਾ ਨੂੰ ਵਿੱਤੀ ਸਹਾਇਤਾ ਅਤੇ ਬਕਾਇਆ ਰਕਮ ਦੇਣ ਦੀ ਮੰਗ
Publish Date: Sun, 15 Mar 2026 04:40 PM (IST)
Updated Date: Mon, 16 Mar 2026 04:04 AM (IST)

ਮਹਿਲਾ ਦਿਵਸ ਬਿਆਨ ’ਤੇ ਵੀ ਘੇਰੀ ਸਰਕਾਰ, ਮੁੱਖ ਮੰਤਰੀ ਤੋਂ ਮਾਫ਼ੀ ਦੀ ਮੰਗ ਚੋਣ ਵਾਅਦੇ ਤੋਂ ਮੁੱਕਰ ਰਹੀ ਹੈ ਸਰਕਾਰ : ਇੰਦੂ ਬਾਲਾ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਔਰਤਾਂ ਲਈ ਸੱਤਾਧਾਰੀ ਸਰਕਾਰ ਦੇ ਚੋਣ ਵਾਅਦੇ ਮੁਤਾਬਕ ਸੂਬੇ ਦੀ ਹਰ ਮਹਿਲਾ ਨੂੰ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਅਤੇ ਪਿਛਲੇ ਚਾਰ ਸਾਲਾਂ ਦੇ ਬਕਾਏ ਦੀ ਇਕਮੁਸ਼ਤ ਅਦਾਇਗੀ ਦੀ ਮੰਗ ਨੂੰ ਲੈ ਕੇ ਮੁਕੇਰੀਆਂ ਵਿੱਚ ਸਾਬਕਾ ਹਲਕਾ ਵਿਧਾਇਕਾ ਬੀਬੀ ਇੰਦੂ ਬਾਲਾ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਮਹਿਲਾਵਾਂ ਨਾਲ ਕੀਤੇ ਚੋਣ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਇੰਦੂ ਬਾਲਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਹੀ ਚੋਣ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ ਅਤੇ ਇਸ ਮਾਮਲੇ ਵਿੱਚ ਸੂਬੇ ਦੀਆਂ ਲੱਖਾਂ ਔਰਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੂਬੇ ਦੀ ਹਰ ਮਹਿਲਾ ਨੂੰ ਮਹੀਨਾਵਾਰ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ ਸੀ ਅਤੇ ਉਸ ਵੇਲੇ ਕਿਸੇ ਵੀ ਤਰ੍ਹਾਂ ਦੀ ਸ਼ਰਤ ਜਾਂ ਪਾਬੰਦੀ ਦੀ ਗੱਲ ਨਹੀਂ ਕੀਤੀ ਗਈ ਸੀ ਪਰ ਹੁਣ ਸਰਕਾਰ ਵੱਲੋਂ ਕੀਤੇ ਐਲਾਨ ਵਿੱਚ ਕਈ ਤਰ੍ਹਾਂ ਦੀਆਂ ਸ਼ਰਤਾਂ ਲਾ ਦਿੱਤੀਆਂ ਗਈਆਂ ਹਨ। ਇਸ ਕਾਰਨ ਵੱਡੀ ਗਿਣਤੀ ਵਿੱਚ ਔਰਤਾਂ ਇਸ ਯੋਜਨਾ ਦੇ ਲਾਭ ਤੋਂ ਵਾਂਝੀਆਂ ਰਹਿ ਜਾਣਗੀਆਂ। ਜੇ ਸਰਕਾਰ ਸੱਚਮੁੱਚ ਔਰਤਾਂ ਦੀ ਭਲਾਈ ਲਈ ਗੰਭੀਰ ਹੈ ਤਾਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਨੂੰ ਬਿਨਾਂ ਕਿਸੇ ਸ਼ਰਤ ਦੇ ਇਸ ਯੋਜਨਾ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਬੀਬੀ ਇੰਦੂ ਬਾਲਾ ਨੇ ਮੰਗ ਕੀਤੀ ਕਿ ਪਿਛਲੇ ਚਾਰ ਸਾਲਾਂ ਦੀ ਬਣਦੀ 48 ਹਜ਼ਾਰ ਰੁਪਏ ਦੀ ਬਕਾਇਆ ਰਕਮ ਵੀ ਮਹਿਲਾਵਾਂ ਦੇ ਖਾਤਿਆਂ ਵਿੱਚ ਤੁਰੰਤ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਪਣੇ ਸੰਬੋਧਨ ਦੌਰਾਨ ਔਰਤਾਂ ਬਾਰੇ ਵਰਤੇ ਗਏ ਸ਼ਬਦਾਂ ਦੀ ਵੀ ਸਖ਼ਤ ਨਿੰਦਾ ਕੀਤੀ। ਇੱਕ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਇਸ ਤਰ੍ਹਾਂ ਦੀ ਅਪਮਾਨਜਨਕ ਅਤੇ ਮਰਿਆਦਾ ਤੋਂ ਬਾਹਰਲੀ ਬਿਆਨਬਾਜ਼ੀ ਬਿਲਕੁਲ ਵੀ ਕਬੂਲਯੋਗ ਨਹੀਂ ਹੈ। ਇਸ ਬਿਆਨ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਮੁੱਖ ਮੰਤਰੀ ਨੂੰ ਤੁਰੰਤ ਸੂਬੇ ਦੀਆਂ ਸਮੂਹ ਔਰਤਾਂ ਤੋਂ ਜਨਤਕ ਤੌਰ ’ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਸਰਕਾਰ ਇਸ ਯੋਜਨਾ ਰਾਹੀਂ ਅਸਲ ਮਦਦ ਕਰਨ ਦੀ ਬਜਾਏ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਿਰਫ਼ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ। ਸਿਰਫ਼ ਐਲਾਨਾਂ ਨਾਲ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਬੇਵਕੂਫ਼ ਨਹੀਂ ਬਣਾਇਆ ਜਾ ਸਕਦਾ ਅਤੇ ਲੋਕ ਸਰਕਾਰ ਦੀ ਹਕੀਕਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਇਸ ਮੌਕੇ ਨੇਹਾ ਸ਼ਰਮਾ, ਲਲਿਤਾ ਦੇਵੀ, ਮੰਜੂ, ਬਿਮਲਾ, ਸੀਨੀਅਰ ਆਗੂ ਬਲਵਿੰਦਰ ਸਿੰਘ ਬਿੰਦਾ, ਐਡਵੋਕੇਟ ਸੱਭਿਆ ਸਾਂਚੀ, ਬਲਾਕ ਪ੍ਰਧਾਨ ਰਵਿੰਦਰ ਸਿੰਘ, ਕਿਸ਼ੋਰੀ ਲਾਲ, ਕਮਲਜੀਤ ਸਿੰਘ, ਅਵਤਾਰ ਸਿੰਘ, ਮਸਤਾਨ ਸਿੰਘ ਡੱਡ, ਪ੍ਰਵੀਨ ਸਿੰਘ, ਡਾ. ਜਗਦੀਸ਼ ਸਿੰਘ, ਜੋਗਿੰਦਰ ਸਿੰਘ, ਯਸ਼ਪਾਲ ਸਿੰਘ, ਵਿਪੁੱਲ ਸ਼ਰਮਾ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।