ਕੁਦਰਤੀ ਆਫ਼ਤ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਤੁਰੰਤ ਮੁਆਵਜ਼ਾ ਦੇਵੇ ਸਰਕਾਰ : ਸੂਦ
ਕੁਦਰਤੀ ਆਫ਼ਤ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਤੁਰੰਤ ਮੁਆਵਜ਼ਾ ਦੇਵੇ ਸਰਕਾਰ: ਤੀਕਸ਼ਣ ਸੂਦ
Publish Date: Tue, 17 Mar 2026 04:11 PM (IST)
Updated Date: Wed, 18 Mar 2026 04:04 AM (IST)
ਐਚ ਐਸ ਪੀ 9 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ
ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼, ਤੇਜ਼ ਝੱਖੜ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਨੋਟ ਵਿੱਚ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਲਾਂਕਣ ਕਰਵਾ ਕੇ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। ਸੂਦ ਨੇ ਦੱਸਿਆ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਆਏ ਤੇਜ਼ ਤੂਫਾਨ ਅਤੇ ਗੜੇਮਾਰੀ ਨੇ ਪੱਕਣ ਦੇ ਨੇੜੇ ਪਹੁੰਚੀ ਕਣਕ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਫਸਲ ਜ਼ਮੀਨਦੋਜ਼ ਹੋਣ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ 'ਤੇ ਪਾਣੀ ਫਿਰ ਗਿਆ ਹੈ। ਇਸ ਤੋਂ ਇਲਾਵਾ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੀ ਭਾਰੀ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਸਾਬਕਾ ਮੰਤਰੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਮਾਨਸੂਨ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਵੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਸੀ। ਉਸ ਸਮੇਂ ਸਰਕਾਰ ਨੇ ਮੁਆਵਜ਼ੇ ਦੇ ਵੱਡੇ-ਵੱਡੇ ਵਾਅਦੇ ਤਾਂ ਕੀਤੇ ਸਨ, ਪਰ ਅਫਸੋਸ ਦੀ ਗੱਲ ਹੈ ਕਿ ਉਹ ਮੁਆਵਜ਼ਾ ਅਜੇ ਤੱਕ ਕਿਸਾਨਾਂ ਦੇ ਹੱਥਾਂ ਵਿੱਚ ਨਹੀਂ ਪਹੁੰਚਿਆ।
ਤੁਰੰਤ ਗਿਰਦਾਵਰੀ ਦੀ ਮੰਗ
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ। ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਇੱਕ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਭੇਜੀ ਜਾਵੇ। ਖੇਤੀਬਾੜੀ ਖੇਤਰ ਵਿੱਚ ਆਈ ਇਸ ਮੁਸ਼ਕਲ ਘੜੀ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ। ਤੀਕਸ਼ਣ ਸੂਦ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਨਾਜ਼ੁਕ ਹੋ ਜਾਵੇਗੀ।