- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀਆਂ ਧੀਆਂ ਦੀ ਸਿਹਤ ਲਈ ਵੱਡਾ ਕਦਮ: 14 ਸਾਲ ਦੀਆਂ ਵਿਦਿਆਰਥਣਾਂ ਨੂੰ ਲੱਗੇਗਾ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਟੀਕਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਕਿਸ਼ੋਰ ਲੜਕੀਆਂ ਦੀ ਸਿਹਤ ਨੂੰ ਪ੍ਰਾਥਮਿਕਤਾ ਦਿੰਦਿਆਂ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਅਧਿਕਾਰਤ ਸੂਤਰਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ ਹੁਣ 14 ਸਾਲ ਦੀਆਂ ਵਿਦਿਆਰਥਣਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਦਾ ਟੀਕਾ ਲਗਾਇਆ ਜਾਵੇਗਾ। ਪੰਜਾਬ ਸਟੇਟ ਮਿਡ-ਡੇ ਮੀਲ ਸੁਸਾਇਟੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਇਹ ਟੀਕਾਕਰਨ ਮੁਹਿੰਮ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਧੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣਾ ਹੈ। ਸਿਹਤ ਮਾਹਰਾਂ ਦੇ ਅਨੁਸਾਰ ਐੱਚਪੀਵੀ ਵਾਇਰਸ ਇਸ ਕੈਂਸਰ ਦਾ ਮੁੱਖ ਕਾਰਨ ਹੁੰਦਾ ਹੈ ਅਤੇ ਸਮੇਂ ਸਿਰ ਟੀਕਾਕਰਨ ਨਾਲ ਇਸਦਾ ਖਤਰਾ ਕਾਫ਼ੀ ਘੱਟ ਕੀਤਾ ਜਾ ਸਕਦਾ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਮੁਹਿੰਮ ਕੇਵਲ ਸਰਕਾਰੀ ਸਕੂਲਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ। ਅਭਿਆਨ ਦੀ ਸ਼ੁਰੂਆਤ ਲਈ ਸਕੂਲਾਂ ਨੂੰ ਆਪਣੇ ਇੱਥੇ ਪੜ੍ਹ ਰਹੀਆਂ 14 ਸਾਲ ਦੀਆਂ ਵਿਦਿਆਰਥਣਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਹ ਸੂਚੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨਾਲ ਸਾਂਝੀ ਕੀਤੀ ਜਾਵੇਗੀ ਤਾਂ ਜੋ ਟੀਕਾਕਰਨ ਦੀ ਯੋਜਨਾ ਸੁਚੱਜੇ ਢੰਗ ਨਾਲ ਬਣ ਸਕੇ। ਸਕੂਲਾਂ ਵਿੱਚ ਸਵੇਰ ਦੀ ਸਭਾ ਅਤੇ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ, ਜਿਸ ਰਾਹੀਂ ਮਾਪਿਆਂ ਨੂੰ ਟੀਕੇ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਟੀਕਾਕਰਨ ਤੋਂ ਪਹਿਲਾਂ ਮਾਪਿਆਂ ਦੀ ਲਿਖਤੀ ਸਹਿਮਤੀ ਲੈਣੀ ਲਾਜ਼ਮੀ ਹੋਵੇਗੀ। ਬਿਨਾਂ ਸਹਿਮਤੀ ਦੇ ਕਿਸੇ ਵੀ ਵਿਦਿਆਰਥਣ ਨੂੰ ਟੀਕਾ ਨਹੀਂ ਲਗਾਇਆ ਜਾਵੇਗਾ। ਹਰ ਸਕੂਲ ਵਿੱਚ ਇੱਕ ਨੋਡਲ ਅਧਿਆਪਕ ਨਿਯੁਕਤ ਕੀਤਾ ਜਾਵੇਗਾ ਜੋ ਸਿਹਤ ਵਿਭਾਗ ਨਾਲ ਸਹਿਯੋਗ ਬਣਾਏ ਰੱਖੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਅਭਿਆਨ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਹੁਸ਼ਿਆਰਪੁਰ ਡਾ. ਗੁਰਿੰਦਰਜੀਤ ਕੌਰ ਨੇ ਇਸ ਪਹਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਧੀਆਂ ਦੀ ਸਿਹਤ ਸੁਰੱਖਿਆ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ।
ਮਿਡ-ਡੇ ਮੀਲ ਸੁਸਾਇਟੀ ਦੇ ਜਨਰਲ ਮੈਨੇਜਰ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ ਸਕੂਲਾਂ ਨੂੰ ਜਾਰੀ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਇਹ ਕਦਮ ਨਾ ਸਿਰਫ਼ ਧੀਆਂ ਦੀ ਸਿਹਤ ਦੀ ਰੱਖਿਆ ਕਰੇਗਾ, ਸਗੋਂ ਸਮਾਜ ਵਿੱਚ ਜਾਗਰੂਕਤਾ ਵਧਾਉਣ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।