ਮੁਫ਼ਤ ਮੈਡੀਕਲ ਅਤੇ ਐਕਸ-ਰੇ ਕੈਂਪ ਦਾ ਆਯੋਜਨ
ਸਿਹਤ ਵਿਭਾਗ ਵੱਲੋਂ ਪਿੰਡ ਭੀਲੋਵਾਲ ਵਿਖੇ ਮੁਫ਼ਤ ਮੈਡੀਕਲ ਅਤੇ ਐਕਸ-ਰੇ ਕੈਂਪ ਦਾ ਆਯੋਜਨ
Publish Date: Thu, 19 Mar 2026 05:12 PM (IST)
Updated Date: Fri, 20 Mar 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਭੀਲੋਵਾਲ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਅਤੇ ਐਕਸ-ਰੇ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕੀਤੀ। ਇਸ ਕੈਂਪ ਦੌਰਾਨ ਲਗਭਗ 100 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ, ਜਦਕਿ 66 ਲੋਕਾਂ ਦੇ ਮੁਫ਼ਤ ਐਕਸ-ਰੇ ਵੀ ਕੀਤੇ ਗਏ। ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰ ਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਕੈਂਪ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਹਿਮੋਗਲੋਬਿਨ ਅਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮਕਸਦ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਤੱਕ ਮੁਫ਼ਤ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਐੱਸਟੀਐੱਸ ਭੁਪਿੰਦਰ ਕੌਰ ਵੱਲੋਂ ਟੀ.ਬੀ. ਮੁਕਤ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀ.ਬੀ. ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਸਮੇਂ ਸਿਰ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਅਮਨਦੀਪ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਦੀ ਹੈ ਅਤੇ ਸੂਬੇ ਦੇ ਸੈਂਕੜੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਕੈਂਪ ਦੌਰਾਨ ਡਾ. ਨਵਪ੍ਰੀਤ ਕੌਰ, ਪਰਮਜੀਤ ਕੌਰ (ਰੇਡੀਓਗਰਾਫਰ), ਅਮਨਦੀਪ ਕੌਰ, ਰਜਨੀ ਬਾਲਾ, ਹਰਬੰਸ ਲਾਲ ਅਤੇ ਪਿੰਡ ਦੀ ਆਸ਼ਾ ਵਰਕਰ ਵੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।