ਕਾਂਗਰਸੀਆਂ ਨੇ ਇਨਸਾਫ਼ ਲਈ ਕੱਢਿਆ ਕੈਂਡਲ ਮਾਰਚ
ਮੁਕੇਰੀਆਂ 'ਚ ਕਾਂਗਰਸੀਆਂ ਨੇ ਇਨਸਾਫ਼ ਲਈ ਕੱਢਿਆ ਕੈਂਡਲ ਮਾਰਚ
Publish Date: Thu, 26 Mar 2026 05:38 PM (IST)
Updated Date: Fri, 27 Mar 2026 04:05 AM (IST)

ਪ੍ਰਸ਼ਾਸਨਿਕ ਤੰਤਰ ’ਤੇ ਵੱਧ ਰਹੇ ਸਿਆਸੀ ਦਬਾਅ ਦਾ ਸਪੱਸ਼ਟ ਸੰਕੇਤ : ਬੀਬੀ ਇੰਦੂ ਬਾਲਾ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਮੁਕੇਰੀਆਂ ਵਿੱਚ ਡੀਐੱਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਨਸਾਫ਼ ਦੀ ਮੰਗ ਲਈ ਕੈਂਡਲ ਮਾਰਚ ਕੱਢਿਆ ਗਿਆ। ਇਹ ਮਾਰਚ ਸਾਬਕਾ ਵਿਧਾਇਕਾ ਬੀਬੀ ਇੰਦੂ ਬਾਲਾ ਦੀ ਅਗਵਾਈ ਹੇਠ ਸਥਾਨਕ ਬਾਜ਼ਾਰਾਂ ਵਿੱਚ ਕੀਤਾ ਗਿਆ, ਜਿਸ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਸਮੂਹ ਹਾਜ਼ਰ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਡੀਐੱਮ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਸਮੇਂ ਬੀਬੀ ਇੰਦੂ ਬਾਲਾ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ ਹੈ, ਸਗੋਂ ਪ੍ਰਸ਼ਾਸਨਿਕ ਤੰਤਰ ’ਤੇ ਵੱਧ ਰਹੇ ਸਿਆਸੀ ਦਬਾਅ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਜੇ ਇੱਕ ਉੱਚ ਅਧਿਕਾਰੀ ਵੀ ਦਬਾਅ ਹੇਠ ਆ ਕੇ ਇਸ ਤਰ੍ਹਾਂ ਦਾ ਕਦਮ ਚੁੱਕਣ ਲਈ ਮਜ਼ਬੂਰ ਹੋ ਸਕਦਾ ਹੈ, ਤਾਂ ਆਮ ਜਨਤਾ ਦੀ ਸੁਰੱਖਿਆ ਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਬੀਬੀ ਇੰਦੂ ਬਾਲਾ ਨੇ ਸੱਤਾਧਾਰੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਵੀ ਕਈ ਮਾਮਲਿਆਂ ’ਚ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਕਲੀਨ ਚਿੱਟ ਦੇ ਕੇ ਮਾਮਲੇ ਰਫ਼ਾ-ਦਫ਼ਾ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ, ਪਰ ਜਨਤਾ ਸਭ ਕੁੱਝ ਦੇਖ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੰਦਾ, ਸੁਨੀਲ ਕੁਮਾਰ ਮਹੰਤ, ਬਲਾਕ ਪ੍ਰਧਾਨ ਰਵਿੰਦਰ ਸਿੰਘ, ਪ੍ਰਿੰ. ਗੁਰਦਿਆਲ ਸਿੰਘ, ਅਮਨ ਘਈ, ਪ੍ਰਭਾਕਰ ਸਿੰਘ, ਯਸ਼ਪਾਲ ਸਿੰਘ, ਮਾਈਕਲ ਮਸੀਹ, ਨੇਹਾ ਸ਼ਰਮਾ, ਪ੍ਰਵੀਨ ਸਿੰਘ, ਡਾ. ਜਗਦੀਸ਼ ਸਿੰਘ, ਜਯੋਤੀ ਸ਼ਰਮਾ ਆਦਿ ਹਾਜ਼ਰ ਸਨ।