ਈਵੀਐੱਮ ਵੇਅਰਹਾਊਸ ਦੀ ਪੜਤਾਲ, ਨੁਮਾਇੰਦੇ ਰਹੇ ਮੌਜੂਦ
ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਪੜਤਾਲ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ
Publish Date: Thu, 26 Mar 2026 05:41 PM (IST)
Updated Date: Fri, 27 Mar 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ ਪੜਤਾਲ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪੜਤਾਲ ਦੌਰਾਨ ਵੇਅਰਹਾਊਸ ਨੂੰ ਖੋਲ੍ਹ ਕੇ ਅੰਦਰੂਨੀ ਹਾਲਾਤ ਦੀ ਜਾਂਚ ਕੀਤੀ ਗਈ। ਇਸ ਦੇ ਨਾਲ-ਨਾਲ ਸਬੰਧਤ ਸਾਰੇ ਰਿਕਾਰਡ, ਲਾਗਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਤਸਦੀਕ ਕੀਤੀ ਗਈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਈਵੀਐੱਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਤੇ ਅਤਿ ਜ਼ਰੂਰੀ ਪ੍ਰਕਿਰਿਆ ਹੈ, ਜਿਸ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਹੈ। ਉਨ੍ਹਾਂ ਸੰਤੁਸ਼ਟੀ ਜਤਾਈ ਕਿ ਜ਼ਿਲ੍ਹੇ ਵਿੱਚ ਵੇਅਰਹਾਊਸ ਦੀ ਵਿਵਸਥਾ ਉੱਚ ਮਿਆਰਾਂ ਅਨੁਸਾਰ ਪਾਈ ਗਈ ਹੈ। ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰਕਿਰਿਆ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰਕ ਪ੍ਰਕਿਰਿਆ ਵਿੱਚ ਆਮ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਈਵੀਐੱਮ ਬਾਰੇ ਫੈਲ ਰਹੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਨੋਡਲ ਅਫ਼ਸਰ ਈਵੀਐੱਮਜ਼ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਅਤੇ ਲਖਵੀਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।