ਹਮਲਾ ਭਾਈਚਾਰਕ ਸਾਂਝ ਨੂੰ ਰੋਕ ਨਹੀਂ ਸਕੇਗਾ: ਤੀਕਸ਼ਣ ਸੂਦ
ਭਾਜਪਾ ਦਫ਼ਤਰ 'ਤੇ ਹੋਇਆ ਹਮਲਾ ਭਾਈਚਾਰਕ ਸਾਂਝ ਨੂੰ ਰੋਕ ਨਹੀਂ ਸਕੇਗਾ: ਤੀਕਸ਼ਣ ਸੂਦ
Publish Date: Thu, 02 Apr 2026 04:51 PM (IST)
Updated Date: Fri, 03 Apr 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਬੀਤੇ ਦਿਨ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ, ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਿਰਫ਼ ਵਾਹਨਾਂ ਤੇ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਤੀਕਸ਼ਣ ਸੂਦ ਨੇ ਕਿਹਾ ਕਿ ਅਜਿਹੇ ਹਮਲੇ ਭਾਜਪਾ ਵੱਲੋਂ ਸਮਾਜਿਕ ਸਦਭਾਵਨਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਰੋਕ ਨਹੀਂ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਕਾਰਨ ਵਿਘਨ ਪਾਉਣ ਵਾਲੀਆਂ ਤਾਕਤਾਂ ਭੜਕ ਰਹੀਆਂ ਹਨ, ਪਰ ਅਜਿਹੇ ਕਦਮਾਂ ਨਾਲ ਭਾਜਪਾ ਵਰਕਰਾਂ ਨੂੰ ਨਾ ਤਾਂ ਡਰਾਇਆ ਜਾ ਸਕਦਾ ਹੈ ਅਤੇ ਨਾ ਹੀ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚ ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲਿਆਂ ਵਰਗੀਆਂ ਘਟਨਾਵਾਂ ਵਧੀਆਂ ਹਨ। ਇਸ ਤੋਂ ਇਲਾਵਾ, ਹੁਸ਼ਿਆਰਪੁਰ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਵੀ ਸਾਹਮਣੇ ਆਈ ਸੀ, ਜੋ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਵਾਲੀ ਹੈ। ਸੂਦ ਨੇ ਦੋਸ਼ ਲਾਇਆ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਅਜਿਹੀਆਂ ਘਟਨਾਵਾਂ ਦੀਆਂ ਲਪਟਾਂ ਚੰਡੀਗੜ੍ਹ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਅਸਮਾਜਿਕ ਤੱਤਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਭਾਜਪਾ ਪੰਜਾਬ ’ਚ ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਤੇ ਕਿਸੇ ਵੀ ਕੀਮਤ ’ਤੇ ਆਪਣੇ ਯਤਨਾਂ ਨੂੰ ਜਾਰੀ ਰੱਖੇਗੀ।