ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਬੇਗਮਪੁਰਾ ਟਾਈਗਰ ਫੋਰਸ ਦਾ ਤਿੱਖਾ ਵਿਰੋਧ
ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਬੇਗਮਪੁਰਾ ਟਾਈਗਰ ਫੋਰਸ ਦਾ ਤਿੱਖਾ ਵਿਰੋਧ
Publish Date: Fri, 03 Apr 2026 07:03 PM (IST)
Updated Date: Sat, 04 Apr 2026 04:10 AM (IST)
ਹੁਸ਼ਿਆਰਪੁਰ : ਗੜ੍ਹਸ਼ੰਕਰ ਉਪ ਮੰਡਲ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹਾਲ ਹੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਤਿੱਖੀ ਪ੍ਰਤੀਕ੍ਰਿਆ ਜਤਾਈ ਗਈ ਹੈ।
ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮ ਪਾਲ ਸਾਹਨੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਗਤ ਨਗਰ ਨੇੜੇ ਮਾਡਲ ਟਾਊਨ, ਹੁਸ਼ਿਆਰਪੁਰ ਵਿਖੇ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੌਕੇ ਬੰਟੀ (ਹਰਿਆਣਾ ਪ੍ਰਧਾਨ, ਹਲਕਾ ਸ਼ਾਮ ਚੁਰਾਸੀ) ਅਤੇ ਗੁਰਦੀਪ ਸਿੰਘ (ਬਲਾਕ ਪ੍ਰਧਾਨ ਮੇਹਟੀਆਣਾ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜਿਕ ਭਾਈਚਾਰੇ ਨੂੰ ਖਰਾਬ ਕਰਨ ਲਈ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ।
ਫੋਰਸ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਫੋਰਸ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਦੀ ਰਣਨੀਤੀ ਤਿਆਰ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੋ ਚੁੱਕੀ ਹੈ ਅਤੇ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਕੋਈ ਢੰਗ ਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਐਸਸੀ ਸਮਾਜ ਅਤੇ ਪਿੱਛੜੇ ਵਰਗਾਂ ਦੇ ਆਗੂਆਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ (ਉਪ ਪ੍ਰਧਾਨ) ਅਤੇ ਨਿੱਕਾ ਆਦਿ ਵੀ ਹਾਜ਼ਰ ਸਨ।