ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ
ਟੈੱਟ ਅਤੇ ਪੁਰਾਣੀ ਪੈਨਸ਼ਨ ਦੇ ਮੁੱਦੇ 'ਤੇ ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ;
Publish Date: Fri, 10 Apr 2026 06:44 PM (IST)
Updated Date: Sat, 11 Apr 2026 04:09 AM (IST)

ਅੱਜ ਦੀ ਸੰਗਰੂਰ ਰੈਲੀ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਟੈੱਟ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਨਾ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਨਾ ਕਰਨ ਦੇ ਵਿਰੋਧ ‘ਚ ਅਧਿਆਪਕ ਜਥੇਬੰਦੀਆਂ ਨੇ ਅੱਜ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਹ ਪ੍ਰਦਰਸ਼ਨ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਆਗੂ ਬਲਜੀਤ ਸਿੰਘ ਮਹਿਮੋਵਾਲ ਅਤੇ 4161 ਅਧਿਆਪਕ ਯੂਨੀਅਨ ਦੇ ਆਗੂ ਸੰਦੀਪ ਗਿੱਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਮੁਕੇਸ਼ ਗੁਜਰਾਤੀ, ਨੰਦ ਰਾਮ ਅਤੇ ਡਾ. ਸੰਜੀਵ ਕਲਸੀ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਯੂਨੀਅਨਾਂ ਨੂੰ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਸ ਮਾਮਲੇ ‘ਤੇ ਕੋਈ ਚਰਚਾ ਨਾ ਕਰਨਾ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਦਾ ਸਪਸ਼ਟ ਸਬੂਤ ਹੈ, ਜਿਸ ਦੀ ਕੜੀ ਨਿੰਦਾ ਕੀਤੀ ਜਾਂਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤਾ ਗਿਆ ਪ੍ਰਾਈਵੇਟ ਬਿੱਲ ਤੁਰੰਤ ਪਾਸ ਕੀਤਾ ਜਾਵੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ 16 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ, ਸਗੋਂ ਇਸ ਮਾਮਲੇ ‘ਚ ਅਦਾਲਤ ਵਿੱਚ ਵੱਖਰਾ ਮਤ ਪੇਸ਼ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਗੈਰ-ਵਿਦਿਅਕ ਡਿਊਟੀਆਂ ਨੂੰ ਖਤਮ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 11 ਅਪ੍ਰੈਲ ਨੂੰ ਸੰਗਰੂਰ ਵਿੱਚ ਟੈੱਟ ਖ਼ਿਲਾਫ਼ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਜਸਵੀਰ ਸਿੰਘ, ਸਰਬਜੀਤ ਸਿੰਘ ਕੰਗ, ਅੰਜੂ ਸਹਿਗਲ, ਕੁਲਦੀਪ ਸਿੰਘ, ਪ੍ਰਿੰਸ ਗੜਦੀਵਾਲ, ਦਵਿੰਦਰ ਕੁਮਾਰ, ਅਸ਼ਨੀ ਕੁਮਾਰ, ਰਜਿੰਦਰ ਕੁਮਾਰ, ਪਵਨ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਕੀਮਤੀ ਲਾਲ ਅਤੇ ਦਿਨੇਸ਼ ਕੁਮਾਰ ਸਮੇਤ ਕਈ ਅਧਿਆਪਕ ਹਾਜ਼ਰ ਸਨ।