ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਹੁਸ਼ਿਆਰਪੁਰ ਵੱਲੋਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਹੁਸ਼ਿਆਰਪੁਰ ਵੱਲੋਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ
Publish Date: Thu, 16 Apr 2026 07:35 PM (IST)
Updated Date: Fri, 17 Apr 2026 04:16 AM (IST)

ਐਚ ਐਸ ਪੀ 35 : ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਬੈਠਕ ਦੌਰਾਨ ਮੌਜੂਦ ਆਗੂ। ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਬੈਠਕ ਜ਼ਿਲ੍ਹਾ ਕਨਵੀਨਰ ਓਂਕਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਮੁਲਾਜ਼ਮ ਭਵਨ ਵਿਖੇ ਹੋਈ। ਬੈਠਕ ਵਿੱਚ ਸਾਂਝੇ ਫਰੰਟ ਵਿੱਚ ਸ਼ਾਮਲ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਗਟਾਇਆ। ਮੀਟਿੰਗ ਦੌਰਾਨ ਬਜਟ ਸੈਸ਼ਨ ਮੌਕੇ 8 ਤੋਂ 11 ਮਾਰਚ ਤੱਕ ਚੰਡੀਗੜ੍ਹ ਵਿਖੇ ਕੀਤੇ ਗਏ ਸੰਘਰਸ਼ ਦਾ ਰਿਵਿਊ ਕੀਤਾ ਗਿਆ। ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਮੀਟਿੰਗ ਦਾ ਸਮਾਂ ਦੇ ਕੇ ਵੀ ਗੱਲਬਾਤ ਤੋਂ ਪਾਸਾ ਵੱਟਿਆ ਹੈ। ਸੂਬਾਈ ਆਗੂ ਕੁਲਵਰਨ ਸਿੰਘ ਨੇ ਲੁਧਿਆਣਾ ਵਿਖੇ ਹੋਈਆਂ ਸੂਬਾ ਪੱਧਰੀ ਮੀਟਿੰਗਾਂ ਦੀ ਰਿਪੋਰਟ ਸਾਂਝੀ ਕਰਦਿਆਂ ਦੱਸਿਆ ਕਿ ਆਉਣ ਵਾਲੀ 1 ਮਈ ਨੂੰ ਕੇਂਦਰ ਅਤੇ ਰਾਜ ਸਰਕਾਰ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਤੋਂ ਇਲਾਵਾ, 17 ਮਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ ਕੀਤੀ ਜਾਵੇਗੀ, ਜਿਸ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਹੋਵੇਗਾ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜ਼ਿਲ੍ਹੇ ਭਰ ਵਿੱਚੋਂ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਫਰੰਟ ਨੂੰ ਹੋਰ ਮਜ਼ਬੂਤ ਕਰਨ ਲਈ ਹੋਰਨਾਂ ਜੱਥੇਬੰਦੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। 1 ਮਈ ਨੂੰ ਵੱਖ-ਵੱਖ ਬਲਾਕਾਂ ਵਿੱਚ ਜਨਤਕ ਜੱਥੇਬੰਦੀਆਂ ਨਾਲ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਬਹਾਦਰ ਸਿੰਘ, ਮਨਜੀਤ ਸੈਣੀ, ਇੰਦਰਜੀਤ ਵਿਰਦੀ, ਬਲਵੀਰ ਸੈਣੀ, ਸੁਰਿੰਦਰ ਕੁਮਾਰ, ਕੁਲਵਚੰਤ ਸਿੰਘ ਸੈਣੀ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।