ਚੋਰੀ ਦੇ ਮੋਟਰਸਾਈਕਲ ਸਣੇ ਇਕ ਗ੍ਰਿਫ਼ਤਾਰ
ਟਾਂਡਾ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ
Publish Date: Wed, 22 Apr 2026 03:43 PM (IST)
Updated Date: Wed, 22 Apr 2026 03:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਟਾਂਡਾ ਪੁਲਿਸ ਨੇ ਕਥਿਤ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸਦੇ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਵਦੀਪ ਸਿੰਘ ਉਰਫ ਨਵੀ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਅਰਾਈਆ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁੱਖ ਸਿਪਾਹੀ ਤਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਿਨੇਮਾ ਚੌਕ ਟਾਂਡਾ ਉੜਮੁੜ ਵਿਖੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਮੁੱਖਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਇਕ ਨੌਜਵਾਨ ਕਾਲੇ ਰੰਗ ਦੀ ਟੀ-ਸ਼ਰਟ ਤੇ ਲੋਅਰ ਪਹਿਨ ਕੇ ਬਿਨਾਂ ਨੰਬਰ ਦਾ ਚੋਰੀਸ਼ੁਦਾ ਹੀਰੋ ਸਪਲੈਂਡਰ ਮੋਟਰਸਾਈਕਲ ’ਤੇ ਪੁੱਲ ਪੁਖਤਾ ਸਾਈਡ ਤੋਂ ਟਾਂਡਾ ਵੱਲ ਆ ਰਿਹਾ ਹੈ। ਇਸ ਸੂਚਨਾ ’ਤੇ ਪੁਲਿਸ ਨੇ ਸਖ਼ਤ ਨਾਕਾਬੰਦੀ ਕੀਤੀ ਤੇ ਕੁਝ ਸਮੇਂ ਬਾਅਦ ਇਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਨੂੰ ਦੇਖ ਕੇ ਵਾਪਸ ਮੁੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸਨੇ ਆਪਣੀ ਪਛਾਣ ਨਵਦੀਪ ਸਿੰਘ ਉਰਫ ਨਵੀ ਵਜੋਂ ਦੱਸੀ। ਪੁਲਿਸ ਨੇ ਮੁਲਜ਼ਮ ਨੂੰ ਕਥਿਤ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।