ਡਾ. ਚੱਬੇਵਾਲ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
Publish Date: Wed, 22 Apr 2026 05:40 PM (IST)
Updated Date: Wed, 22 Apr 2026 05:43 PM (IST)

ਅਧਿਕਾਰੀਆਂ ਨੂੰ ਕੰਮਾਂ ਦੀ ਰਫਤਾਰ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਤੇ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਡਾ. ਚੱਬੇਵਾਲ ਨੇ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ’ਤੇ ਚਰਚਾ ਕਰਦਿਆਂ ਜ਼ੋਰ ਦਿੱਤਾ ਕਿ ਹਰ ਯੋਗ ਲਾਭਪਾਤਰੀ ਤੱਕ ਇਨ੍ਹਾਂ ਦਾ ਲਾਭ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਨਹਿਤ ਦੇ ਮੱਦੇਨਜ਼ਰ ਸਕੀਮਾਂ ਦੀ ਕਾਰਗੁਜ਼ਾਰੀ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਉਣ ਵਾਲੇ ਬਰਸਾਤੀ ਮੌਸਮ ਨੂੰ ਦੇਖਦਿਆਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤੇ ਖ਼ਾਸ ਤੌਰ ’ਤੇ ਕੰਢੀ ਖੇਤਰ ਵਿਚ ਤਿਆਰੀਆਂ ਨੂੰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਘਰ ਬਣਾਉਣ ਲਈ ਵਿੱਤੀ ਸਹਾਇਤਾ ਤਿੰਨ ਕਿਸ਼ਤਾਂ ਵਿਚ ਸਮੇਂ ਸਿਰ ਜਾਰੀ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਐੱਮਪੀ ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਮੁਕੰਮਲ ਹੋਏ ਪ੍ਰੋਜੈਕਟਾਂ ’ਤੇ ਸੰਤੁਸ਼ਟੀ ਜਤਾਈ ਤੇ ਬਾਕੀ ਕੰਮਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਊਨਾ ਰੋਡ ਦੀ ਹਾਲਤ ਸੁਧਾਰਣ ਸਬੰਧੀ ਉਨ੍ਹਾਂ ਨੇ ਐੱਨਐੱਚਏਆਈ ਤੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਮੀਟਿੰਗ ਦੌਰਾਨ ਮੈਡੀਕਲ ਕਾਲਜ ਦੇ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਨਿਰਮਾਣ ਕਾਰਜ ਜਲਦ ਸ਼ੁਰੂ ਹੋਵੇਗਾ ਤੇ ਆਉਂਦੇ ਦੋ ਸਾਲਾਂ ਵਿਚ ਮੁਕੰਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸੜਕ ਪ੍ਰੋਜੈਕਟਾਂ ਤੇ ਕੇਂਦਰੀ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕ੍ਰਿਸ਼ੀ ਸਿੰਚਾਈ ਯੋਜਨਾ, ਮਤੱਸਯ ਸੰਪਦਾ ਯੋਜਨਾ, ਸਵੱਛ ਭਾਰਤ ਮਿਸ਼ਨ, ਮਨਰੇਗਾ ਆਦਿ ਦੀ ਵੀ ਸਮੀਖਿਆ ਕੀਤੀ ਗਈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ, ਪਾਰਦਰਸ਼ਤਾ ਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਆਪਣੇ-ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਦੀ ਗੱਲ ਕਹੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।