'ਆਪ' ਸਰਕਾਰ ਨੂੰ ਮਹਿਲਾਵਾਂ ਹੀ ਚੱਲਦਾ ਕਰਨਗੀਆਂ : ਨੀਤੀ ਤਲਵਾੜ
ਮਹਿਲਾਵਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ 'ਆਪ' ਸਰਕਾਰ ਨੂੰ ਮਹਿਲਾਵਾਂ ਹੀ ਚੱਲਦਾ ਕਰਨਗੀਆਂ: ਨੀਤੀ ਤਲਵਾੜ
Publish Date: Wed, 22 Apr 2026 05:48 PM (IST)
Updated Date: Wed, 22 Apr 2026 05:52 PM (IST)

ਮਹਿਲਾਵਾਂ ਦੀਆਂ ਭਾਵਨਾਵਾਂ ਨਾਲ ਕੀਤਾ ਗਿਆ ਖਿਲਵਾੜ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਮਹਿਲਾ ਨੇਤਾ ਨੀਤੀ ਤਲਵਾੜ ਨੇ ਕਿਹਾ ਹੈ ਕਿ ਜਿਹੜੀ ਸਰਕਾਰ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਨਹੀਂ ਕਰ ਸਕਦੀ, ਉਸ ਨੂੰ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਮਹਿਲਾਵਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਮੌਜੂਦਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਮਹਿਲਾਵਾਂ ਹੀ ਚੱਲਦਾ ਕਰਨਗੀਆਂ। ਉਹ ਅੱਜ ਇੱਥੇ ਵਾਰਡ ਨੰਬਰ 20 ਵਿਚ ਉੱਘੀ ਸਮਾਜ ਸੇਵਿਕਾ ਮੀਨਾਕਸ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਨ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਨੀਤੀ ਤਲਵਾੜ ਨੇ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਹਰ ਮਹਿਲਾ ਨੂੰ ਮਹੀਨਾਵਾਰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਮਹਿਲਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਮਹਿਲਾ ਦਿਵਸ ਮੌਕੇ ਵਰਤੇ ਗਏ ਕਥਿਤ ਸ਼ਬਦਾਂ ਤੇ ਰਵੱਈਏ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ ਤੇ ਉਹ ਇਸਦਾ ਜਵਾਬ ਚੋਣਾਂ ਵਿਚ ਦੇਣਗੀਆਂ। ਇਸ ਮੌਕੇ ਨੀਤੀ ਤਲਵਾੜ ਨੇ ਮੀਨਾਕਸ਼ੀ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਹੁਸ਼ਿਆਰਪੁਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਮੀਨਾਕਸ਼ੀ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਕਰਦਿਆਂ ਮਹਿਲਾਵਾਂ ਦੇ ਹੱਕਾਂ ਲਈ ਤੇ ਪਾਰਟੀ ਦੀ ਤਰੱਕੀ ਲਈ ਦਿਨ-ਰਾਤ ਮਿਹਨਤ ਕਰਨਗੇ। ਸਮਾਗਮ ਵਿਚ ਐੱਸਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ, ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਲੰਬੜਦਾਰ ਹਰਯੋਗ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਮਹਿਲਾਵਾਂ ਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ।