ਵਾਰਡਬੰਦੀ ਦੇ ਨਾਂ ‘ਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਐਡ. ਜੋਸ਼ੀ
ਵਾਰਡਬੰਦੀ ਦੇ ਨਾਂ ‘ਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਐਡਵੋਕੇਟ ਰੋਹਿਤ ਜੋਸ਼ੀ
Publish Date: Wed, 22 Apr 2026 05:51 PM (IST)
Updated Date: Wed, 22 Apr 2026 05:55 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਆਗਾਮੀ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਕਾਂਗਰਸ ਦੇ ਡੈਲੀਗੇਟ ਐਡਵੋਕੇਟ ਰੋਹਿਤ ਜੋਸ਼ੀ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੇ ਵਾਰਡਬੰਦੀ ਦੇ ਨਾਂ ਤੇ ਵੱਡੇ ਪੱਧਰ ਤੇ ਹੇਰਾਫੇਰੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਾਰਡਬੰਦੀ ਦੇ ਨਾਂ ਤੇ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਐਡਵੋਕੇਟ ਜੋਸ਼ੀ ਨੇ ਕਿਹਾ ਕਿ ਰਾਜਨੀਤਿਕ ਫਾਇਦੇ ਲਈ ਸਥਾਨਕ ਵੋਟਰਾਂ ਦੀਆਂ ਵੋਟਾਂ ਨੂੰ ਦੂਜੇ ਵਾਰਡਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਕਈ ਵੋਟਰਾਂ ਦੀਆਂ ਵੋਟਾਂ ਸੂਚੀ ਵਿਚੋਂ ਕੱਟ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਸਾਰੇ 50 ਵਾਰਡਾਂ ਵਿਚ ਵੱਡੇ ਪੱਧਰ ਤੇ ਬੇਨਿਯਮੀਆਂ ਸਾਹਮਣੇ ਆ ਰਹੀਆਂ ਹਨ। ਸਿਆਸੀ ਆਕਾਵਾਂ ਦੀ ਸ਼ਹਿ ਤੇ ਵੋਟਰ ਸੂਚੀਆਂ ਵਿਚੋਂ ਲੋਕਾਂ ਦੇ ਨਾਂ ਗਾਇਬ ਕਰਨਾ ਲੋਕਤੰਤਰ ਦਾ ਘਾਣ ਹੈ। ਜੋਸ਼ੀ ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਹਾਈ ਕੋਰਟ ਵਿਚ ਵਾਰਡਬੰਦੀ ਦੀ ਜੋ ਤਸਵੀਰ ਪੇਸ਼ ਕੀਤੀ ਗਈ ਸੀ, ਜ਼ਮੀਨੀ ਪੱਧਰ ਤੇ ਉਸ ਅਨੁਸਾਰ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪੜ੍ਹੇ-ਲਿਖੇ ਲੋਕਾਂ ਦਾ ਸ਼ਹਿਰ ਹੈ ਤੇ ਇੱਥੋਂ ਦੇ ਵਾਸੀ ਅਜਿਹੀ ਘਟੀਆ ਰਾਜਨੀਤੀ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਨਗੇ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਤਰਾਜ਼ ਦਰਜ ਕਰਵਾਉਣ ਦੇ ਬਾਵਜੂਦ ਵੋਟਰ ਸੂਚੀਆਂ ਨੂੰ ਸਹੀ ਨਾ ਕੀਤਾ ਗਿਆ, ਤਾਂ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਨਿਯਮੀਆਂ ਦੇ ਵਿਰੁੱਧ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਤਾਂ ਜੋ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਕੀਤੀ ਜਾ ਸਕੇ।