ਹਰ ਮੋਰਚੇ ’ਤੇ ਫ਼ੇਲ੍ਹ ਹੋਈ ‘ਆਪ’ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ : ਤੀਕਸ਼ਣ ਸੂਦ
ਹਰ ਮੋਰਚੇ 'ਤੇ ਫ਼ੇਲ੍ਹ ਹੋਈ 'ਆਪ' ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਤੀਕਸ਼ਣ ਸੂਦ
Publish Date: Thu, 11 Jun 2026 04:10 PM (IST)
Updated Date: Thu, 11 Jun 2026 04:11 PM (IST)

- ਰੋਹਿਤ ਧੀਰ (ਮੋਨੂੰ) ਵੱਲੋਂ ਕਰਵਾਏ ਗਏ ਸ਼ਕਤੀ ਪ੍ਰਦਰਸ਼ਨ ’ਚ ਭਾਜਪਾ ਆਗੂਆਂ ਨੇ ਭਰੀ ਹੁੰਕਾਰ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਅਸਫਲ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਵਾਰਡ ਨੰਬਰ 22 ਦੇ ਮਹਾਰਾਜਾ ਰਣਜੀਤ ਸਿੰਘ ਨਗਰ ਵਿੱਚ ਭਾਜਪਾ ਆਗੂ ਰੋਹਿਤ ਧੀਰ (ਮੋਨੂੰ) ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਇੱਕ ਵਿਸ਼ਾਲ ਜਨ ਸਭਾ ਕਰਵਾਈ ਗਈ। ਇਸ ਮੌਕੇ ਤੀਕਸ਼ਣ ਸੂਦ ਤੋਂ ਇਲਾਵਾ ਸਾਬਕਾ ਮੇਅਰ ਸ਼ਿਵ ਸੂਦ, ਉਪ ਪ੍ਰਧਾਨ ਸਤੀਸ਼ ਵਾਵਾ, ਜ਼ਿਲ੍ਹਾ ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ, ਬਿੰਦੂਸਰ ਸ਼ੁਕਲਾ, ਸੰਜੂ ਅਰੋੜਾ, ਹਰਭਜਨ ਪਾਲ, ਸੁਰਜੀਤ ਕੁਮਾਰ, ਅਨਿਲ ਠਾਕੁਰ, ਹਰੀਸ਼ ਘੋਂਸਲਾ ਅਤੇ ਕੇਵਲ ਸਿੰਘ ਸਮੇਤ ਕਈ ਭਾਜਪਾ ਆਗੂ ਮੌਜੂਦ ਰਹੇ। ਜਨ ਸਭਾ ਨੂੰ ਸੰਬੋਧਨ ਕਰਦਿਆਂ ਤੀਕਸ਼ਣ ਸੂਦ ਨੇ ਕਿਹਾ ਕਿ ਸਿਹਤ ਕ੍ਰਾਂਤੀ ਅਤੇ 16 ਮੈਡੀਕਲ ਕਾਲਜ ਬਣਾਉਣ ਦੇ ਵਾਅਦੇ ਕਰਨ ਵਾਲੀ ਸਰਕਾਰ ਅਜੇ ਤੱਕ ਇੱਕ ਵੀ ਨਵਾਂ ਮੈਡੀਕਲ ਕਾਲਜ ਨਹੀਂ ਬਣਾ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਹੁਸ਼ਿਆਰਪੁਰ ਮੈਡੀਕਲ ਕਾਲਜ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਰਕਮ ਵੀ ਵਾਪਸ ਚਲੀ ਗਈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਦਾਅਵਿਆਂ ਦੇ ਬਾਵਜੂਦ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਅਤੇ ਕਈ ਲੋਕ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਾਂ ਤੋਂ ਵੀ ਵਾਂਝੇ ਰਹਿ ਗਏ ਹਨ। ਸੂਦ ਨੇ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ 50 ਫ਼ੀਸਦੀ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਗੈਂਗਸਟਰਵਾਦ ਅਤੇ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਵੀ ਰੋਕਿਆ ਨਹੀਂ ਜਾ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਕਾਸ ਕਾਰਜਾਂ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਤੇ ਧਿਆਨ ਦੇ ਰਹੀ ਹੈ। ਤੀਕਸ਼ਣ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਭਾਜਪਾ ਸਰਕਾਰ ਅਤੇ ਭਾਜਪਾ ਸ਼ਾਸਿਤ ਨਗਰ ਨਿਗਮ ਦੇ ਸਮੇਂ ਦੌਰਾਨ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਨਗਰ ਨਿਗਮ ਨੂੰ ਲੋੜੀਂਦੇ ਫੰਡ ਮੁਹੱਈਆ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਹ ਸੰਕੇਤ ਦੇ ਰਹੀ ਹੈ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਲੋਕ ਭਾਜਪਾ ਨੂੰ ਮੁੜ ਬਹੁਮਤ ਦੇਣਗੇ।