ਨਿਰਪੱਖ ਨਗਰ ਨਿਗਮ ਚੋਣਾਂ ਲਈ ਸ਼ੱਕੀ ਅਧਿਕਾਰੀਆਂ ਨੂੰ ਬਦਲੇ ਚੋਣ ਕਮਿਸ਼ਨ : ਨਿਪੁਣ ਸ਼ਰਮਾ
ਨਿਰਪੱਖ ਨਗਰ ਨਿਗਮ ਚੋਣਾਂ ਲਈ ਸ਼ੱਕੀ ਅਧਿਕਾਰੀਆਂ ਨੂੰ ਬਦਲੇ ਚੋਣ ਕਮਿਸ਼ਨ : ਨਿਪੁਣ ਸ਼ਰਮਾ
Publish Date: Thu, 11 Jun 2026 04:23 PM (IST)
Updated Date: Thu, 11 Jun 2026 04:26 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਨਗਰ ਨਿਗਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਮੰਗ ਕਰਦਿਆਂ ਪੰਜਾਬ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਨਾਲ ਜੁੜੇ ਸ਼ੱਕੀ ਅਧਿਕਾਰੀਆਂ ਨੂੰ ਤੁਰੰਤ ਬਦਲਣ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਨੇ ਕਿਹਾ ਕਿ ਪਾਰਟੀ ਸ਼ੁਰੂ ਤੋਂ ਹੀ ਹੁਸ਼ਿਆਰਪੁਰ ਦੇ ਵੋਟਰਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਪ੍ਰਸ਼ਾਸਨ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ, ਜਿਸ ਕਾਰਨ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਦੇ ਸਬੰਧਿਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਹੇਰਾਫੇਰੀ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਕਾਰਨ ਸ਼ਹਿਰ ਦੇ ਵੋਟਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਹੋ ਰਹੀ ਲਗਾਤਾਰ ਦੇਰੀ ਵੀ ਸਬੰਧਿਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ ਅਤੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਦੀ ਭੂਮਿਕਾ ਨੂੰ ਵੀ ਸ਼ੱਕ ਦੇ ਘੇਰੇ ਵਿੱਚ ਲਿਆਉਂਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਪੰਜਾਬ ਚੋਣ ਕਮਿਸ਼ਨ ਹੁਸ਼ਿਆਰਪੁਰ ਵਿੱਚ ਨਗਰ ਨਿਗਮ ਚੋਣਾਂ ਕਰਵਾਉਣ ਲਈ ਗੰਭੀਰ ਹੈ ਤਾਂ ਜਿਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਵਿਵਾਦਾਂ ਵਿੱਚ ਘਿਰੀ ਹੋਈ ਹੈ, ਉਨ੍ਹਾਂ ਨੂੰ ਤੁਰੰਤ ਚੋਣ ਪ੍ਰਕਿਰਿਆ ਤੋਂ ਵੱਖ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਨ੍ਹਾਂ ਖਾਮੀਆਂ ਨੂੰ ਦੂਰ ਨਾ ਕੀਤਾ ਗਿਆ ਤਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਪ੍ਰਭਾਵਿਤ ਹੋ ਸਕਦੀ ਹੈ। ਭਾਜਪਾ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਵੋਟਰ ਸੂਚੀਆਂ, ਵਾਰਡ ਨਕਸ਼ਿਆਂ ਅਤੇ ਹੋਰ ਸਬੰਧਿਤ ਦਸਤਾਵੇਜ਼ਾਂ ਦੀ ਨਿਰਪੱਖ ਜਾਂਚ ਕਰਵਾਏ ਅਤੇ ਸਾਰੀਆਂ ਗਲਤੀਆਂ ਦੂਰ ਕਰ ਕੇ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਏ। ਸ਼ਰਮਾ ਨੇ ਕਿਹਾ ਕਿ ਭਾਜਪਾ ਹੁਸ਼ਿਆਰਪੁਰ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੋਕਤੰਤਰੀ ਢੰਗ ਨਾਲ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਕਿਸੇ ਵੀ ਕੀਮਤ ’ਤੇ ਵੋਟਰਾਂ ਦੇ ਅਧਿਕਾਰਾਂ ਨਾਲ ਖਿਲਵਾੜ ਨਹੀਂ ਹੋਣ ਦੇਵੇਗੀ।