ਲੂ (ਹੀਟ ਵੇਵ) ਨੂੰ ਲੈ ਕੇ ਸਿਹਤ ਵਿਭਾਗ ਅਲਰਟ
ਲੂ (ਹੀਟ ਵੇਵ) ਨੂੰ ਲੈ ਕੇ ਸਿਹਤ ਵਿਭਾਗ ਅਲਰਟ
Publish Date: Thu, 11 Jun 2026 04:26 PM (IST)
Updated Date: Thu, 11 Jun 2026 04:26 PM (IST)

- ਸਿਵਲ ਹਸਪਤਾਲ ’ਚ 6 ਬੈੱਡਾਂ ਵਾਲਾ ਵਿਸ਼ੇਸ਼ ਹੀਟ ਸਟਰੋਕ ਵਾਰਡ ਸਥਾਪਿਤ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਵਾਧੇ ਅਤੇ ਹੀਟ ਵੇਵ (ਲੂ) ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਹੁਸ਼ਿਆਰਪੁਰ ਨੇ ਲੋਕਾਂ ਲਈ ਵਿਸਥਾਰਪੂਰਵਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਲੁੜੀਂਦੀਆਂ ਸਾਵਧਾਨੀਆਂ ਅਪਣਾਉਣ ਅਤੇ ਲੂ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਅਪੀਲ ਕੀਤੀ ਹੈ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਲੂ ਦਾ ਖਤਰਾ ਸਭ ਤੋਂ ਵੱਧ ਹੁੰਦਾ ਹੈ। ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੋ ਜਾਂਦਾ ਹੈ ਤਾਂ ਹੀਟ ਵੇਵ ਦੀ ਸਥਿਤੀ ਬਣ ਜਾਂਦੀ ਹੈ, ਜਿਸ ਨਾਲ ਸਰੀਰ ਦੀ ਤਾਪਮਾਨ ਕੰਟਰੋਲ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਵਿਅਕਤੀ ਲੂ ਜਾਂ ਗਰਮੀ ਨਾਲ ਸੰਬੰਧਿਤ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਚੱਕਰ ਆਉਣਾ, ਬੇਹੋਸ਼ੀ, ਤੇਜ਼ ਸਿਰ ਦਰਦ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਅਤੇ ਸਾਹ ਲੈਣ ਵਿੱਚ ਮੁਸ਼ਕਲ ਲੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਨੇ ਦੱਸਿਆ ਕਿ ਹੀਟ ਵੇਵ ਨਾਲ ਨਜਿੱਠਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ 6 ਬੈੱਡਾਂ ਵਾਲਾ ਵਿਸ਼ੇਸ਼ ਹੀਟ ਸਟਰੋਕ ਵਾਰਡ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਵਿੱਚ ਓ.ਆਰ.ਐੱਸ. ਕਾਰਨਰ ਵੀ ਬਣਾਇਆ ਗਿਆ ਹੈ, ਜਿੱਥੇ ਗਰਮੀ ਅਤੇ ਡੀਹਾਈਡ੍ਰੇਸ਼ਨ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਕਿਹਾ ਕਿ ਨਵਜਾਤ ਬੱਚੇ, ਗਰਭਵਤੀ ਮਹਿਲਾਵਾਂ, ਬਜ਼ੁਰਗ, ਮਜ਼ਦੂਰ ਅਤੇ ਦਿਲ, ਸ਼ੂਗਰ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਨਾਲ ਪੀੜਤ ਲੋਕ ਹੀਟ ਵੇਵ ਦੇ ਵੱਧ ਖਤਰੇ ਵਿੱਚ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਧੁੱਪ ਵਿੱਚ ਨਾ ਜਾਣ, ਵੱਧ ਤੋਂ ਵੱਧ ਪਾਣੀ ਅਤੇ ਤਰਲ ਪਦਾਰਥ ਪੀਣ ਅਤੇ ਹਲਕੇ ਰੰਗ ਦੇ ਸੁਤੀ ਕੱਪੜੇ ਪਹਿਨਣ ਦੀ ਸਲਾਹ ਦਿੱਤੀ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੀਟ ਵੇਵ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਆਪਣੇ ਅਤੇ ਆਪਣੇ ਪਰਿਵਾਰ ਨੂੰ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਣ।