ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਜਾਰੀ
ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜ਼ੇ ਦਿਨ ਵੀ ਜ਼ਾਰੀ
Publish Date: Thu, 11 Jun 2026 06:04 PM (IST)
Updated Date: Thu, 11 Jun 2026 06:05 PM (IST)

- ਠੇਕਾ ਮੁਲਾਜ਼ਮਾਂ ਦੀ ਹਮਾਇਤ ’ਚ ਨਿੱਤਰੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਪਸਸਫ਼ ਜਗਮੋਹਨ ਸ਼ਰਮਾ, ਪੰਜਾਬੀ ਜਾਗਰਣ ਤਲਵਾੜਾ : ਵਿਭਾਗ ’ਚ ਮਰਜ਼, ਤਨਖਾਹਾਂ ਵਿੱਚ ਵਾਧੇ ਅਤੇ ਸੰਘਰਸ਼ ਕਮੇਟੀ ਦੇ ਵਫ਼ਦ ਦੀਆਂ ਸਰਕਾਰ ਨਾਲ ਹੋਈਆਂ ਮੀਟਿੰਗਾਂ ’ਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਦਾ ਆਪੋ ਆਪਣੇ ਵਿਭਾਗੀ ਦਫ਼ਤਰਾਂ ਮੂਹਰੇ ਚੱਲਦਾ ਧਰਨਾ ਤੀਜੇ ਦਿਨ ਵੀ ਜ਼ਾਰੀ ਰਿਹਾ ਹੈ। ਸਥਾਨਕ ਸਰਕਲ ਦਫ਼ਤਰ ਮੂਹਰੇ ਬੈਠੇ ਠੇਕਾ ਮੁਲਾਜ਼ਮਾਂ ਦੇ ਧਰਨੇ ਨੂੰ ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਸ ਫੈੱਡਰੇਸ਼ਨ (ਪਸਸਫ਼) ਨੇ ਪੂਰਨ ਸਮਰਥਨ ਦਿੱਤਾ। ਧਰਨੇ ’ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੋਂ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਵਿੱਤ ਸਕੱਤਰ ਵਰਿੰਦਰ ਵਿੱਕੀ ਅਤੇ ਪਸਸਫ਼ ਤੋਂ ਬਲਾਕ ਪ੍ਰਧਾਨ ਰਾਜੀਵ ਸ਼ਰਮਾ ਸ਼ਾਮਲ ਹੋਏ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਸਾਥੀ ਤਲਵਾੜਾ ਤੇ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਸਰਕਾਰ ਦਾ ਵਿਕਾਸ ਇਸ਼ਤਿਹਾਰਾਂ ’ਚ ਦਿਖਾਈ ਦੇ ਰਿਹਾ ਹੈ, ਪਰ ਜ਼ਮੀਨੀ ਪੱਧਰ ’ਤੇ ਕਿੱਧਰੇ ਵੀ ਨਜ਼ਰ ਨਹੀਂ ਪੈਂਦਾ। ਹਜ਼ਾਰਾਂ ਦੀ ਗਿਣਤੀ ’ਚ ਕੱਚੇ/ਠੇਕਾ ਮੁਲਾਜ਼ਮ ਆਪਣੀ ਚਿਰੌਕਣੀ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੱਤ ਦੀ ਗਰਮੀ ’ਚ ਧਰਨੇ ਮੁਜ਼ਾਹਰੇ ਕਰ ਰਹੇ ਹਨ। ਇਸ ਮੌਕੇ ਭਗਵੰਤ ਮਾਨ ਸਰਕਾਰ ਨੇ 2022 ਦੀਆਂ ਚੋਣਾਂ ’ਚ ਹਰ ਤਰ੍ਹਾਂ ਦੇ ਕੱਚੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਦੇ ਅਰਸੇ ’ਚ ‘ਆਪ’ ਸਰਕਾਰ ਅਜੇ ਤੱਕ ਪੂਣੀ ਵੀ ਨਹੀਂ ਕੱਤ ਸਕੀ। ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮੁਕੇਰੀਆਂ ਹਾਈਡਲ ਪ੍ਰਾਜੈਕਟਾਂ ਤਲਵਾੜਾ ਦੇ ਸਰਕਲ ਪ੍ਰਧਾਨ ਹਰਦੇਵ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਭਲਕੇ ਮਿਉਂਸਪਲ, ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਪੀ ਡਬਲਯੂਡੀ ਫੀਲਡ ਐਂਡ ਵਰਕਸ਼ਾਪ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਅਤੇ ਹੋਰ ਭਰਾਥਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ਹਿਰ ’ਚ ਰੋਸ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਮਹਾਰਾਣਾ ਪ੍ਰਤਾਪ ਚੌਕ ਤੋਂ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਂਕ ਤੱਕ ਬਜ਼ਾਰ ’ਚੋਂ ਹੁੰਦਾ ਹੋਇਆ ਕੱਢਿਆ ਜਾਵੇਗਾ।