ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈੱਸ ਰਿਹਰਸਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
Publish Date: Thu, 13 Aug 2026 04:41 PM (IST)
Updated Date: Thu, 13 Aug 2026 04:41 PM (IST)
- ਆਜ਼ਾਦੀ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਕੌਮੀ ਝੰਡਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੱਲ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਵਿਭਾਗਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਕਾਰਜਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਫੁੱਲ ਡਰੈੱਸ ਰਿਹਰਸਲ ਉਪਰੰਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਹਦਾਇਤ ਕੀਤੀ। ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਐਸ.ਪੀ. ਨਵਨੀਤ ਕੌਰ, ਐਸ.ਪੀ. ਮਨਪ੍ਰੀਤ ਸ਼ੀਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।