ਤਨਖਾਹਾਂ ਨਾ ਵਧਣ ਤੋਂ ਨਾਰਾਜ਼ ਐੱਨਐੱਚਐੱਮ ਮੁਲਾਜ਼ਮਾਂ ਨੇ ਮੰਤਰੀ ਰਵਜੋਤ ਦੇ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ ਤਨਖਾਹਾਂ ਨਾ ਵਧਣ ਤੋਂ ਖਫਾ ਐਨ ਐਚ ਐਮ ਮੁਲਾਜ਼ਮਾਂ ਨੇ ਮੰਤਰੀ ਰਵਜੋਤ ਦੇ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ
Publish Date: Wed, 19 Aug 2026 04:12 PM (IST)
Updated Date: Wed, 19 Aug 2026 04:15 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਲੰਬੇ ਸਮੇਂ ਤੋਂ ਤਨਖਾਹਾਂ ਵਿੱਚ ਵਾਧਾ ਨਾ ਹੋਣ ਅਤੇ ਪੱਕਾ ਨਾ ਕੀਤੇ ਜਾਣ ਤੋਂ ਨਾਰਾਜ਼ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕੱਲ ਹੁਸ਼ਿਆਰਪੁਰ ਵਿੱਚ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਢੁੱਕਵਾਂ ਵਾਧਾ ਨਹੀਂ ਕੀਤਾ ਗਿਆ। ਮੌਜੂਦਾ ਤਨਖਾਹ ਵਿੱਚ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਰਿਹਾ ਹੈ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਕਨਵੀਨਰ ਉਨ੍ਹਾਂ ਦੇ ਧਰਨਿਆਂ ਵਿੱਚ ਪਹੁੰਚ ਕੇ ਭਰੋਸਾ ਦਿੰਦੇ ਰਹੇ ਸਨ ਕਿ ਸਰਕਾਰ ਬਣਨ ’ਤੇ ਉਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਬਣਨ ਤੋਂ ਬਾਅਦ ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਉਮੀਦ ਮੁਤਾਬਿਕ ਵਾਧਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਤਾਂ ਉਹ ਨਾ ਸਿਰਫ ਆਪਣੇ ਸੰਘਰਸ਼ ਨੂੰ ਤਿੱਖਾ ਕਰਨਗੇ, ਬਲਕਿ ਸਮੂਹਿਕ ਛੁੱਟੀਆਂ ਲੈ ਕੇ ਹੜਤਾਲ ’ਤੇ ਚਲੇ ਜਾਣਗੇ।