
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

23 ਅਗਸਤ ਨੂੰ ਸਤੋਜ ਵਿਖੇ ਐਨ.ਪੀ.ਐਸ ਮੁਲਾਜ਼ਮਾਂ ਦੀ ਹੋਵੇਗੀ ਮਹਾਰੈਲੀ

ਗੌਰਵ, ਪੰਜਾਬੀ ਜਾਗਰਣ
ਗੜਦੀਵਾਲਾ : ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਐੱਨਪੀਐੱਸ ਪੀੜਤ ਮੁਲਾਜ਼ਮ ਰੈਲੀ ਵਿੱਚ ਸ਼ਮੂਲੀਅਤ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਪੁਰਾਣੀ ਪੈਨਸ਼ਨ ਕੋਈ ਖੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਜੋ ਉਹ ਪ੍ਰਾਪਤ ਕਰ ਕੇ ਰਹਿਣਗੇ। ਇਸ ਸਬੰਧੀ ਪ੍ਰਿੰਸ ਪਲਿਆਲ ਗੜਦੀਵਾਲਾ ਜ਼ਿਲ੍ਹਾ ਵਾਈਸ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਅਤੇ ਸੀਨੀਅਰ ਜ਼ਿਲ੍ਹਾ ਆਗੂ ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਰੀਬ ਦੋ ਲੱਖ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਅੰਦਰ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਅਤੇ ਮੌਜੂਦਾ ਸਰਕਾਰ ਨੇ ਹੋਂਦ ਵਿੱਚ ਆਉਣ ਤੋਂ ਬਾਅਦ ਨਵੰਬਰ 2022 ਵਿੱਚ ਇੱਕ ਅਧੂਰਾ ਅਤੇ ਲੰਗੜਾ ਨੋਟੀਫਿਕੇਸ਼ਨ ਜਾਰੀ ਕਰ ਕੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ। ਇਸ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿੱਚ ਸੈਂਕੜੇ ਕਰਮਚਾਰੀ ਸੇਵਾਮੁਕਤ ਹੋਏ ਪਰ ਇਸ ਲੰਗੜੇ ਅਤੇ ਅਧੂਰੇ ਨੋਟੀਫਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ। ਸਗੋਂ ਸੇਵਾਮੁਕਤੀ ਤੋਂ ਬਾਅਦ ਕਰਮਚਾਰੀ ਸਬਜ਼ੀ ਦੀ ਰੇਹੜੀ ਲਗਾਉਣ ਤੱਕ ਮਜਬੂਰ ਹੋਏ ਪਏ ਹਨ। ਇਸ ਅਧੂਰੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਹਿੱਤ ਪੰਜਾਬ ਦੇ ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਅਤੇ ਰੈਲੀਆਂ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਉੱਤੇ ਜੂੰ ਤੱਕ ਨਹੀਂ ਸਰਕ ਰਹੀ।
ਆਗੂਆਂ ਨੇ ਦੱਸਿਆ ਕਿ ਪੰਜਾਬ ਦਾ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਦੋਂ ਵਿਰੋਧੀ ਧਿਰ ਵਿੱਚ ਬੈਠਾ ਸੀ ਤਾਂ ਸਾਡੀਆਂ ਰੈਲੀਆਂ ਅਤੇ ਧਰਨਿਆਂ ਵਿੱਚ ਸਾਡੇ ਬਰਾਬਰ ਆਪਣੇ ਗਲੇ ਵਿੱਚ ਤਖ਼ਤੀ ਪਾਕੇ ਕਹਿੰਦਾ ਹੁੰਦਾ ਕਿ ਰੈਲੀਆਂ ਕਰਨਾ ਸ਼ੌਂਕ ਨਹੀਂ ਮਜ਼ਬੂਰੀ ਹੈ, ਪੁਰਾਣੀ ਪੈਨਸ਼ਨ ਜ਼ਰੂਰੀ ਹੈ ਪਰ ਹੁਣ ਸੱਤਾਂ ਵਿੱਚ ਹੋ ਕੇ ਆਪਣੀ ਇਸ ਗੱਲ ਤੋਂ ਮੁਨਕਰ ਹੋ ਗਿਆ। ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਆਪਣੇ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ, ਜਿਸ ਦਾ ਕਿ ਲੱਖਾਂ ਮੁਲਾਜ਼ਮਾਂ ਨੂੰ ਲਾਭ ਮਿਲ ਰਿਹਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋਕੇ ਐੱਨਪੀਐੱਸ ਪੀੜਤ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਪਿੰਡ ਸਤੋਜ ਵਿਖੇ ਮਹਾਰੈਲੀ ਕਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਮੌਕੇ ਅਨਿਲ ਕੁਮਾਰ, ਭੁਪਿੰਦਰ ਸਿੰਘ, ਸਰਤਾਜ ਸਿੰਘ, ਸਰਬਜੀਤ ਸਿੰਘ, ਸੰਜੀਵ ਕੁਮਾਰ, ਨਵਤੇਜ ਸਿੰਘ, ਲਖਬੀਰ ਸਿੰਘ, ਮਹਿੰਦਰ ਸਿੰਘ, ਬਚਿੱਤਰ ਸਿੰਘ, ਲੈਕਚਰਾਰ ਲਖਵੀਰ ਸਿੰਘ, ਜਗਮੋਹਨ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।