ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ, ਔਰਤ ਕੈਦੀਆਂ ਨਾਲ ਕੀਤੀ ਮੁਲਾਕਾਤ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਮਹਿਲਾ ਕੈਦੀਆਂ ਨਾਲ ਕੀਤੀ ਮੁਲਾਕਾਤ
Publish Date: Thu, 20 Aug 2026 03:37 PM (IST)
Updated Date: Thu, 20 Aug 2026 03:39 PM (IST)
- ਚੇਅਰਪਰਸਨ ਨੇ ਡੀਸੀ, ਐੱਸਐੱਸਪੀ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ’ਚ ਔਰਤਾਂ ਲਈ ਚੱਲ ਰਹੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਆਪਣੇ ਦੌਰੇ ਦੌਰਾਨ ਕੱਲ੍ਹ ਸਥਾਨਕ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੀਆਂ ਸਜ਼ਾਵਾਂ ਖ਼ਤਮ ਹੋਣ ਉਪਰੰਤ ਮੁੱਖ ਧਾਰਾ ਵਿਚ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਅਤੇ ਬਾਅਦ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਔਰਤਾਂ ਲਈ ਚੱਲ ਰਹੇ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਚੇਅਰਪਰਸਨ ਵਿਜਯਾ ਰਾਹਤਕਰ ਨੇ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ, ਵਧੀਕ ਸੁਪਰਡੈਂਟ ਹਰਬੰਸ ਸਿੰਘ, ਡਿਪਟੀ ਸੁਪਰਡੈਂਟ ਆਸ਼ਾ ਰਾਣੀ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਤਹਿਤ ਔਰਤਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਉਨ੍ਹਾਂ ਜੇਲ੍ਹ ਵਿੱਚ ਆਪਣੀਆਂ ਮਾਵਾਂ ਦੇ ਨਾਲ ਰਹਿ ਰਹੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਲਈ ਉਪਲਬਧ ਸਹੂਲਤਾਂ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਦੇਖ-ਭਾਲ, ਪੋਸ਼ਣ, ਸੁਰੱਖਿਆ ਅਤੇ ਸਮੁੱਚੀ ਭਲਾਈ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਵਿੱਚ ਔਰਤਾਂ ਦੀ ਭਾਗੀਦਾਰੀ ਬਾਰੇ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿੱਚ ਔਰਤਾਂ ਦੀ ਭਾਗੀਦਾਰੀ 67 ਫ਼ੀਸਦੀ ਰਹੀ। ਉਨ੍ਹਾਂ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਟੈਂਡ-ਅੱਪ ਇੰਡੀਆ (ਮਹਿਲਾ ਉੱਦਮੀਆਂ), ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਵਨ ਸਟਾਪ ਸੈਂਟਰ (ਸਖੀ) ਅਤੇ ਪੀਓਐੱਸਐੱਚ (ਪੋਸ਼) ਐਕਟ ਸਬੰਧੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਦਿੱਤੀ। ਚੇਅਰਪਰਸਨ ਨੇ ਕੰਮਕਾਜ ਵਾਲੀ ਥਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 ਨੂੰ ਵੀ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਕਮਿਸ਼ਨ ਨੂੰ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਹਿਲਾਂ ਹੀ ਇੱਕ ਸਮਰਪਿਤ ਮਹਿਲਾ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ, ਜਿੱਥੇ ਔਰਤਾਂ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੀਆਂ ਹਨ। ਇਸ ਤੋਂ ਇਲਾਵਾ ‘ਮਹਿਲਾ ਮਿੱਤਰ’ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਸਕੂਲਾਂ, ਕਾਲਜਾਂ ਅਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਨਿਯਮਿਤ ਤੌਰ ’ਤੇ ਜਾ ਕੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰ ਰਹੀ ਹੈ। ਚੇਅਰਪਰਸਨ ਨੇ ਅਧਿਕਾਰੀਆਂ ਨੂੰ ਔਰਤਾਂ ਨਾਲ ਸਬੰਧਿਤ ਸਾਰੀਆਂ ਯੋਜਨਾਵਾਂ ਦਾ ਆਡਿਟ ਸ਼ੁਰੂ ਕਰਨ, ਮਹਿਲਾ ਕੇਂਦਰਿਤ ਯੋਜਨਾਵਾਂ ਅਤੇ ਭਲਾਈ ਪਹਿਲਕਦਮੀਆਂ ਦੀ ਡਿਜੀਟਲ ਨਿਗਰਾਨੀ ਕਰਨ, ਔਰਤਾਂ ਨੂੰ ਸਮਾਜ ਵਿੱਚ ਅਪਰਾਧ ਅਤੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਣ ਅਤੇ ਮਹਿਲਾ ਭਲਾਈ ਨਾਲ ਸਬੰਧਿਤ ਕੋਸ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਮੇਅਰ ਪਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਐੱਸਪੀ ਨਵਨੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।