12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ : ਡੀਸੀ 12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ: ਡਿਪਟੀ ਕਮਿਸ਼ਨਰ
Publish Date: Thu, 20 Aug 2026 05:10 PM (IST)
Updated Date: Thu, 20 Aug 2026 05:12 PM (IST)
- ਕਿਹਾ, 12 ਅਕਤੂਬਰ ਨੂੰ ਅੰਤਿਮ ਸੂਚੀ ਹੋਵੇਗੀ ਪ੍ਰਕਾਸ਼ਿਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐੱਸਆਈਆਰ-2026 ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ 13 ਅਗਸਤ ਨੂੰ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ 7 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 1,601 ਪੋਲਿੰਗ ਸਟੇਸ਼ਨ ਹਨ ਅਤੇ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 11,69,930 ਵੋਟਰ ਦਰਜ ਹਨ। ਇਨ੍ਹਾਂ ਵਿੱਚ 6,06,876 ਪੁਰਸ਼, 5,63,024 ਮਹਿਲਾਵਾਂ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ। ਮੁੱਢਲੀ ਵੋਟਰ ਸੂਚੀ ਸਬੰਧੀ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਨ੍ਹਾਂ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਅਤੇ ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ’ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਅਰਜ਼ੀਆਂ ਸਬੰਧਿਤ ਬੀਐੱਲਓ/ਈਆਰਓ ਦਫ਼ਤਰ ਵਿੱਚ ਜਾਂ ਆਨਲਾਈਨ ਵੋਟਰ ਹੈਲਪਲਾਈਨ ਰਾਹੀਂ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਿਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਅਨਮੈਪ ਵੋਟਰ ਅਤੇ ਮੈਪਿੰਗ ਦੌਰਾਨ ਪਾਈਆਂ ਗਈਆਂ ਤਰੁਟੀਆਂ ਦੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਆਪ ਨੂੰ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਪਾਸੋਂ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਆਪਣੇ ਦਸਤਾਵੇਜ਼ ਨਿਰਧਾਰਤ ਮਿਤੀ ਨੂੰ ਦੱਸੇ ਗਏ ਸਥਾਨ ’ਤੇ ਪੇਸ਼ ਕੀਤੇ ਜਾਣ।