
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਦਾ ਸਮਰਥਨ ਕਰੇਗੀ ਪੱਗੜੀ ਸੰਭਾਲ ਲਹਿਰ : ਬਾਗੜੀਆਂ / ਜਹਾਨਪੁਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀ ਪੱਗੜੀ ਸੰਭਾਲ ਲਹਿਰ ਪੰਜਾਬ ਨੇ ਪੰਜਾਬ ਦੀ ਜਨਤਾ ਅਤੇ ਵਪਾਰਕ ਅਦਾਰਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਜਹਾਨਪੁਰ ਨੇ ਕਿਹਾ ਕਿ ਪੰਜਾਬ ਬੰਦ ਦਾ ਮੁੱਖ ਮੰਤਵ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਉਭਾਰਨਾ ਹੈ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਖ਼ਰਾਬ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਲੰਮੀ ਪੈਰੋਲ ਦੇਣ ਅਤੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਸ਼ਾਂਤਮਈ ਰੋਸ ਮਾਰਚ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਲਾਠੀਚਾਰਜ ਦਾ ਵਿਰੋਧ ਕਰਨਾ ਵੀ ਬੰਦ ਦੇ ਮੁੱਖ ਮੁੱਦਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਵਪਾਰਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਬੰਦ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ।