ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ : ਵਿਪਨ ਕੁਮਾਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਾਰਡ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ
Publish Date: Fri, 21 Aug 2026 04:02 PM (IST)
Updated Date: Fri, 21 Aug 2026 04:03 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਾਰਡ ਡਿਫੈਂਸ ਕਮੇਟੀਆਂ ਨੂੰ ਨਿਯਮਿਤ ਤੌਰ ’ਤੇ ਸਰਗਰਮ ਰੱਖਣ, ਮੀਟਿੰਗਾਂ ਕਰਨ, ਜਾਗਰੂਕਤਾ ਸਰਗਰਮੀਆਂ ਚਲਾਉਣ ਅਤੇ ਫੀਡਬੈਕ ਪ੍ਰਣਾਲੀ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਦੇ ਉਦੇਸ਼ ਨਾਲ ਮੁਕੇਰੀਆਂ ਸ਼ਹਿਰ ਦੇ 15 ਵਾਰਡਾਂ ਦੀਆਂ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਗਈਆਂ। ਇਹ ਮੀਟਿੰਗਾਂ ਤਿੰਨ ਦਿਨ ਤੱਕ ਨਗਰ ਕੌਂਸਲ ਮੁਕੇਰੀਆਂ ਦੇ ਮੀਟਿੰਗ ਹਾਲ ਵਿੱਚ ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼ ਦੀ ਅਗਵਾਈ ਹੇਠ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਹਲਕਾ ਕੋਆਰਡੀਨੇਟਰ ਵਿਪਨ ਕੁਮਾਰ ਨੇ ਮੁੱਖ ਤੌਰ ’ਤੇ ਸ਼ਿਰਕਤ ਕਰਦਿਆਂ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਨਸ਼ਿਆਂ ਦੀ ਸਮੱਸਿਆ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਫੈਲ ਰਹੀ ਨਸ਼ਿਆਂ ਦੀ ਲਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਾਂਝੇ ਉਪਰਾਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਮੇਟੀਆਂ ਦੀ ਕਾਰਜਸ਼ੈਲੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗਾਂ ਦੌਰਾਨ ਨਗਰ ਕੌਂਸਲ ਮੁਕੇਰੀਆਂ ਦੇ ਪ੍ਰਧਾਨ ਅਨੂਪ ਕੁਮਾਰ ਭੱਟੀ ਨੇ ਵੀ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਕੋਆਰਡੀਨੇਟਰ ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਮੋਹਨ ਲਾਲ ਤੱਖੀ ਤੋਂ ਇਲਾਵਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਡਾ. ਮਧੂਮਿਤਾ, ਕੌਂਸਲਰ ਸ਼ੇਰ ਸਿੰਘ ਸ਼ੇਰਾ ਅਤੇ ਪ੍ਰਿਆ ਭਰਿਆਲ ਨੇ ਵੀ ਕਮੇਟੀਆਂ ਨੂੰ ਸੰਬੋਧਨ ਕੀਤਾ। ਮੀਟਿੰਗਾਂ ਦੌਰਾਨ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਸਹਾਇਕ ਕਰਨੈਲ ਸਿੰਘ, ਸ਼ਿਵ ਕੁਮਾਰ ਕਲਰਕ ਅਤੇ ਹੋਰ ਦਫ਼ਤਰੀ ਸਟਾਫ਼ ਵੀ ਮੌਜੂਦ ਰਿਹਾ।