ਵਿਧਾਇਕ ਤੇ ਖਿਡਾਰੀਆਂ ਵੱਲੋਂ ਖੇਡਾਂ ਦੀ ਮਸ਼ਾਲ ਦਾ ਮੇਹਟੀਆਣਾ ’ਚ ਗਰਮਜੋਸ਼ੀ ਨਾਲ ਸਵਾਗਤ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਖਿਡਾਰੀਆਂ ਵੱਲੋਂ ਖੇਡਾਂ ਦੀ ਮਸ਼ਾਲ ਦਾ ਮੇਹਟੀਆਣਾ ਵਿਖੇ ਗਰਮਜੋਸ਼ੀ ਨਾਲ ਸਵਾਗਤ
Publish Date: Sun, 23 Aug 2026 03:21 PM (IST)
Updated Date: Sun, 23 Aug 2026 03:21 PM (IST)
- ਪੰਜਾਬ ਸਰਕਾਰ ਨੇ ਸੂਬੇ ’ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਢੁੱਕਵਾਂ ਪਲੇਟਫਾਰਮ ਸਥਾਪਤ ਕੀਤਾ : ਡਾ. ਇਸ਼ਾਂਕ ਕੁਮਾਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੇਹਟੀਆਣਾ/ਹੁਸ਼ਿਆਰਪੁਰ : ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਐਤਵਾਰ ਸਵੇਰੇ ਖਿਡਾਰੀਆਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਹੋਰ ਉੱਘੀਆਂ ਸਖ਼ਸ਼ੀਅਤਾਂ ਸਮੇਤ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਮੇਹਟੀਆਣਾ ਵਿਖੇ ਜ਼ਿਲ੍ਹੇ ’ਚ ਦਾਖ਼ਲ ਹੋਣ ਸਮੇਂ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਖੇਡਾਂ ਦੀ ਮਸ਼ਾਲ ਦਾ ਸਵਾਗਤ ਢੋਲ ਦੀ ਥਾਪ, ਜੋਸ਼ ਭਰੇ ਨਾਅਰਿਆਂ ਦੀ ਗੂੰਜ ਅਤੇ ਫੁੱਲਾਂ ਵਰਸਾ ਕੇ ਸਵਾਗਤ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਵੇਗਾ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਐਡੀਸ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਨ੍ਹਾਂ ਖੇਡਾਂ ਵਿੱਚ 38 ਖੇਡਾਂ ਅਤੇ 4 ਪੈਰਾ-ਖੇਡਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 3,148 ਖੇਡ ਮੈਦਾਨ ਅਤੇ 6,000 ਪਿੰਡਾਂ ਵਿੱਚ ਜਿਮ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਪੰਜਾਬ ਭਰ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ ਅਤੇ ਸਾਰੇ 153 ਬਲਾਕਾਂ ਅਤੇ 23 ਜ਼ਿਲ੍ਹਿਆਂ ਨੂੰ ਇਸ ਖੇਡ ਮੁਹਿੰਮ ਨਾਲ ਜੋੜਿਆ ਜਾਵੇਗਾ, ਜਦਕਿ ਸੂਬਾ ਪੱਧਰੀ ਮੁਕਾਬਲੇ 16 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਸੋਨ ਤਮਗਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦਾ ਤਮਗਾ ਜੇਤੂਆਂ ਨੂੰ 7000 ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂਆਂ ਨੂੰ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।