
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ: ਦਰਸ਼ਵੀਰ ਸਿੰਘ ਰਾਣਾ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੇ ਮਸਲੇ ਨੂੰ ਲਗਾਤਾਰ ਲਟਕਾਉਣ ’ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮੇ ਲੰਮੇ ਸਮੇਂ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਵਿਭਾਗ ਅਧੀਨ ਸਿੱਧਾ ਕੰਟਰੈਕਟ ਜਾਰੀ ਕਰਨ ਅਤੇ ਨਵੇਂ ਐਕਟ ਅਧੀਨ ਲਿਆਉਣ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਵਾਰ-ਵਾਰ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਵਰਕਰਾਂ ਦੇ ਮਸਲੇ ਹੱਲ ਨਹੀਂ ਹੋਣਗੇ। ਸਰਕਾਰ ਨੂੰ ਹੁਣ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਠੋਸ ਫੈਸਲੇ ਲਾਗੂ ਕਰਨੇ ਪੈਣਗੇ। ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ 24 ਅਗਸਤ ਨੂੰ ਹੋਣ ਵਾਲੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਇੱਕ ਗੁਪਤ ਐਕਸ਼ਨ ਦਾ ਐਲਾਨ ਵੀ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।