
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖ਼ਬਰ ਦਾ ਅਸਰ: ਨਗਰ ਕੌਂਸਲ ਸ਼ਾਮ ਚੁਰਾਸੀ ਨੇ ਪਾਣੀ ਦੀ ਲੀਕੇਜ ਕਰਵਾਈ ਠੀਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਕੋਟਲੀ ਰੋਡ ’ਤੇ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੀਕੇਜ ਸਬੰਧੀ ਸ਼ਾਮ ਚੁਰਾਸੀ ਲੋਕਾਂ ਦੀ ਜਨਤਕ ਪਰੇਸ਼ਾਨੀ ਨੂੰ ਮੀਡੀਆ ਵੱਲੋਂ ਪ੍ਰਮੁੱਖਤਾ ਨਾਲ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਬਾਅਦ ਅਤੇ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਤੋਂ ਬਾਅਦ ਆਖਿਰਕਾਰ ਨਗਰ ਕੌਂਸਲ ਸ਼ਾਮ ਚੁਰਾਸੀ ਦੀ ਥੋੜੀ ਨੀਂਦ ਖੁੱਲ੍ਹ ਗਈ ਹੈ। ਜਿਸ ਤੋਂ ਬਾਅਦ ਨਗਰ ਕੌਂਸਲ ਸ਼ਾਮ ਚੁਰਾਸੀ ਦੇ ਕਰਮਚਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਕਈ ਮਹੀਨਿਆਂ ਤੋਂ ਹੋ ਰਹੀ ਪਾਣੀ ਦੀ ਲੀਕੇਜ ਨੂੰ ਠੀਕ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਜ਼ਿਕਰਯੋਗ ਹੈ ਕਿ ਕੋਟਲੀ ਰੋਡ ’ਤੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਵਿੱਚ ਲੀਕੇਜ ਹੋਣ ਕਾਰਨ ਲੰਬੇ ਸਮੇਂ ਤੋਂ ਸੜਕ ’ਤੇ ਪਾਣੀ ਇਕੱਠਾ ਹੋ ਰਿਹਾ ਸੀ। ਇਸ ਕਾਰਨ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਇਸ ਸਮੱਸਿਆ ਸਬੰਧੀ ਅਖ਼ਬਾਰ ਵੱਲੋਂ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ। ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਕਾਰਵਾਈ ਕਰਦਿਆਂ ਲੀਕੇਜ ਵਾਲੀ ਥਾਂ ਦੀ ਮੁਰੰਮਤ ਕਰ ਦਿੱਤੀ ਗਈ। ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਖ਼ਬਰਾਂ ਪ੍ਰਕਾਸ਼ਿਤ ਹੋਣ ਦੀ ਉਡੀਕ ਕੀਤੇ ਬਿਨਾਂ ਹੀ ਸਮੇਂ ਸਿਰ ਕਰ ਦਿੱਤਾ ਜਾਵੇ ਤਾਂ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਸਕਦੀ ਹੈ।