
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਹਿੰਗਾਈ ਨੇ ਆਮ ਲੋਕਾਂ ਦਾ ਬਜਟ ਵਿਗਾੜਿਆ : ਸਚਿਨ ਸਮਿਆਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕੇਂਦਰ ਸਰਕਾਰ ਦੀਆਂ ਗ਼ਲਤ ਵਿਉਂਤਬੰਦੀਆਂ ਅਤੇ ਨੀਤੀਆਂ ਕਾਰਨ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਨੇ ਆਮ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਕਰਦਿਆਂ ਕਿਹਾ ਕਿ ਲਗਾਤਾਰ ਸੱਤਵੇਂ ਮਹੀਨੇ ਮਹਿੰਗਾਈ ਵਿੱਚ ਵਾਧੇ ਕਾਰਨ ਖਾਣ-ਪੀਣ ਦੀਆਂ ਵਸਤਾਂ, ਟਰਾਂਸਪੋਰਟੇਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵਧਣ ਨਾਲ ਮੱਧਵਰਗੀ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਰਸੋਈ ਵਿੱਚ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੇ ਵਧਦੇ ਰੇਟਾਂ ਨੇ ਲੋਕਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਰੋਸ ਪ੍ਰਗਟਾਇਆ ਕਿ ਖੰਡ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਰਿਟੇਲ ਮਾਰਕਿਟ ਵਿੱਚ ਚੱਕੀ ਦਾ ਆਟਾ ਲਗਭਗ 3 ਰੁਪਏ ਪ੍ਰਤੀ ਕਿਲੋ ਅਤੇ ਬ੍ਰਾਂਡਿਡ ਆਟਾ 1 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਖਾਣ ਵਾਲੇ ਤੇਲ ਸਮੇਤ ਹੋਰ ਘਰੇਲੂ ਜ਼ਰੂਰੀ ਵਸਤਾਂ ਦੇ ਵਧਦੇ ਰੇਟਾਂ ਨੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਤਿਉਹਾਰੀ ਸੀਜ਼ਨ ਨੇੜੇ ਆਉਂਦਿਆਂ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਤੋਂ ਬਾਅਦ ਆਟਾ, ਤੇਲ ਅਤੇ ਖੰਡ ਮਹਿੰਗੀ ਹੋਣ ਨਾਲ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮਹਿੰਗਾਈ ’ਤੇ ਤੁਰੰਤ ਕਾਬੂ ਪਾਉਣ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ।