ਪੰਜਾਬ ਸਰਕਾਰ ਵੱਲੋਂ ਵਰਕਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ : ਰਾਣਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ
Publish Date: Thu, 27 Aug 2026 05:12 PM (IST)
Updated Date: Thu, 27 Aug 2026 05:13 PM (IST)
- ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਖੱਖ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਧਨੋਆ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੇ ਹੁਣ ਤੱਕ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨਾਲ ਹੋਈਆਂ ਸੈਂਕੜੇ ਮੀਟਿੰਗਾਂ ਦੌਰਾਨ ਹੋਈ ਗੱਲਬਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਦੀਪ ਸਿੰਘ ਖੱਖ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ‘ਲਾਰਾ ਲਾਓ ਤੇ ਡੰਗ ਟਪਾਊ’ ਨੀਤੀ ਤਹਿਤ ਵਰਕਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨਾਲ 3 ਸਤੰਬਰ 2026 ਨੂੰ ਨਿਰਧਾਰਤ ਮੀਟਿੰਗ ਤੋਂ ਪਹਿਲਾਂ ਲੋੜੀਂਦੀਆਂ ਹਦਾਇਤਾਂ ਜਾਰੀ ਨਾ ਕੀਤੀਆਂ ਗਈਆਂ, ਮੀਟਿੰਗ ਤੋਂ ਟਾਲਮਟੋਲ ਕੀਤੀ ਗਈ ਜਾਂ ਮੀਟਿੰਗ ਦੌਰਾਨ ਜਲ ਸਪਲਾਈ ਵਿਭਾਗ ਦੇ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਸਿੱਧਾ ਕੰਟਰੈਕਟ ਜਾਰੀ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ 5 ਸਤੰਬਰ ਨੂੰ ਸੂਬਾ ਕਮੇਟੀ ਵੱਲੋਂ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਨਿਕਲਣ ਵਾਲੇ ਨਤੀਜਿਆਂ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਉੱਚ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 5 ਸਤੰਬਰ ਦੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਮਜ਼ਬੂਤ ਕਰਨ। ਇਸ ਮੌਕੇ ਖ਼ਜ਼ਾਨਚੀ ਜਗਦੀਸ਼ ਸਿੰਘ ਧੁੱਗਾ, ਰਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਗੁਰਬਖਸ਼ ਰਾਏ, ਦੇਸਰਾਜ, ਮਨਦੀਪ ਸਿੰਘ, ਬਲਕਾਰ ਸਿੰਘ, ਵਿਪਲਮਜੀਤ ਅਤੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।