
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹਿਰੀ ਖੇਤਰਾਂ ‘ਚ ਸਵੱਛਤਾ ਅਭਿਆਨ ਸ਼ਨੀਵਾਰ ਤੋਂ ਹੋਵੇਗਾ ਸ਼ੁਰੂ

- ਸਫ਼ਾਈ ਮੁਹਿੰਮ 8 ਸਤੰਬਰ ਤੱਕ ਰਹੇਗੀ ਜਾਰੀ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹੇ ਅੰਦਰ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਜੰਗੀ ਪੱਧਰ ’ਤੇ ਸਵੱਛਤਾ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਕੂੜੇ ਵਾਲੀਆਂ ਥਾਵਾਂ, ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਅਤੇ ਉਹ ਥਾਂ, ਜਿੱਥੇ ਅਕਸਰ ਕੂੜਾ ਸੁੱਟਿਆ ਜਾਂਦਾ ਹੈ, ਦੀ ਪੂਰੀ ਤਰ੍ਹਾਂ ਸਫ਼ਾਈ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਨਿਗਮ ਅਤੇ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਨਾਖਤ ਕੀਤੀਆਂ ਜਾ ਚੁੱਕੀਆਂ ਥਾਵਾਂ ਤੋਂ ਇਕੱਠਾ ਹੋਇਆ ਕੂੜਾ ਪੂਰੀ ਤਰ੍ਹਾਂ ਹਟਾਇਆ ਜਾਵੇ ਅਤੇ ਮੁੜ ਕੂੜਾ ਸੁੱਟਣ ਤੋਂ ਰੋਕਣ ਲਈ ਅਸਰਦਾਰ ਕਦਮ ਚੁੱਕੇ ਜਾਣ।
ਜ਼ਿਕਰਯੋਗ ਹੈ ਕਿ ਇਸ ਮੁਹਿੰਮ ਲਈ ਐੱਸਡੀਐੱਮਜ਼ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜੋ ਰੈਗੂਲਰ ਤੌਰ ’ਤੇ ਮੌਕੇ ’ਤੇ ਜਾ ਕੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਨਗੇ ਅਤੇ ਐੱਮ. ਸੇਵਾ ਪੋਰਟਲ ’ਤੇ ਪ੍ਰਾਪਤ ਸਫ਼ਾਈ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣਗੇ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਇਸ ਮੁਹਿੰਮ ਲਈ ਜ਼ਿਲ੍ਹਾ ਨੋਡਲ ਅਫ਼ਸਰ ਹੋਣਗੇ। ਜੋ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਕਰਨ ਦੇ ਨਾਲ ਸਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਰੋਜ਼ਾਨਾ ਪ੍ਰਗਤੀ ਰਿਪੋਰਟਾਂ ਨੂੰ ਭੇਜਣਗੇ। ਮੀਟਿੰਗ ਵਿੱਚ ਮੇਅਰ ਪਰਵੀਨ ਸੈਣੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੀਐੱਸ. ਪਾਬਲਾ, ਹਲਕਾ ਇੰਚਾਰਜ ਮੁਕੇਰੀਆਂ ਸਰਬਜੋਤ ਸਿੰਘ ਸਾਬੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।