ਕਾਰੋਬਾਰੀ ਕੁੱਟਮਾਰ ਮਾਮਲੇ ’ਚ ਰਾਈਸ ਮਿੱਲਰ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ ਕਾਰੋਬਾਰੀ ਕੁੱਟਮਾਰ ਮਾਮਲੇ ’ਚ ਰਾਈਸ ਮਿੱਲਰ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ
Publish Date: Sun, 30 Aug 2026 07:27 PM (IST)
Updated Date: Sun, 30 Aug 2026 07:28 PM (IST)
- ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਭੜਕੇ ਮਿੱਲ ਮਾਲਕ; ਇਨਸਾਫ਼ ਨਾ ਮਿਲਣ ’ਤੇ ਸੂਬਾ ਪੱਧਰੀ ਸੰਘਰਸ਼ ਦੀ ਚਿਤਾਵਨੀ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਕਾਰੋਬਾਰੀ ਸੌਰਵ ਜੈਨ ਨਾਲ ਕੁੱਝ ਵਿਅਕਤੀਆਂ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਮੁਕੇਰੀਆਂ ਸ਼ਹਿਰ ਵਿੱਚ ਰੋਸ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲੇ ਵਿੱਚ ਪੁਲਿਸ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਰਾਈਸ ਮਿੱਲਰ ਐਸੋਸੀਏਸ਼ਨ ਪੰਜਾਬ ਵੱਲੋਂ ਮੁਕੇਰੀਆਂ ਵਿਖੇ ਇਕੱਤਰਤਾ ਕਰ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਵੀ ਸੌਰਵ ਜੈਨ ਦੇ ਪਰਿਵਾਰਕ ਮੈਂਬਰਾਂ ਦੀ ਅਗਵਾਈ ਹੇਠ ਸਿਆਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਗਠਨਾਂ, ਵਪਾਰੀ ਵਰਗ ਅਤੇ ਸ਼ਹਿਰ ਵਾਸੀਆਂ ਵੱਲੋਂ ਪੁਲਿਸ ਥਾਣਾ ਮੁਕੇਰੀਆਂ ਦਾ ਘਿਰਾਓ ਕਰ ਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਸ਼ਨਿਚਰਵਾਰ ਨੂੰ ਇੱਥੇ ਆਲ ਇੰਡੀਆ ਪ੍ਰਧਾਨ ਤਰਸੇਮ ਸੈਣੀ, ਸੂਬਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਅਜੀਤ ਨਾਰੰਗ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਮਾਰਕੁੱਟ, ਧੱਕੇਸ਼ਾਹੀ ਜਾਂ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰ ਕੇ ਕਥਿਤ ਘਟਨਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਰਾਈਸ ਮਿੱਲਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸੌਰਵ ਜੈਨ ਨੂੰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਐਸੋਸੀਏਸ਼ਨ ਸੂਬਾ ਪੱਧਰੀ ਸੰਘਰਸ਼ ਵਿੱਢੇਗੀ। ਉਨ੍ਹਾਂ ਕਿਹਾ ਕਿ ਇਸ ਦਾ ਅਸਰ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਰਾਈਸ ਮਿੱਲਾਂ ਵੱਲੋਂ ਝੋਨੇ ਦੀ ਖ਼ਰੀਦ ’ਤੇ ਵੀ ਪੈ ਸਕਦਾ ਹੈ। ਇਸ ਮੌਕੇ ਪ੍ਰਧਾਨ ਮੁਕੇਰੀਆਂ ਜਗਜੀਤ ਸਿੰਘ ਛੰਨੀ ਨੰਦ ਸਿੰਘ, ਜਰਨਲ ਸਕੱਤਰ ਸੰਜੀਵ ਆਨੰਦ, ਰਾਜੇਸ਼ ਜੈਨ, ਵਰਜਿੰਦਰ ਅਗਰਵਾਲ, ਸੁਭਾਸ਼ ਦੀਵਾਨਾ, ਅਮਨਦੀਪ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਮਿੱਲ ਮਾਲਕ ਹਾਜ਼ਰ ਸਨ।