- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਘਰਸ਼ੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰੇ ਸਰਕਾਰ - ਈਸ਼ਰ ਸਿੰਘ ਮੰਝਪੁਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਅਤੇ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਨਹੀਂ ਜਾ ਸਕਦਾ। ਹਰ ਮੁਲਾਜ਼ਮ ਜਥੇਬੰਦੀ ਨੂੰ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਪ੍ਰਦਰਸ਼ਨ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਪੂਰਾ ਅਧਿਕਾਰ ਹੈ। ਮੰਗਾਂ ਨੂੰ ਲੈ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਡਰਾਉਣ ਜਾਂ ਧਮਕਾਉਣ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਮੰਨਦਿਆਂ ਮੁਲਾਜ਼ਮਾਂ ਨੂੰ 18 ਫ਼ੀਸਦੀ ਡੀਏ ਤੁਰੰਤ ਦਿੱਤਾ ਜਾਵੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਸਾਲ 2017 ਦਾ ਪੱਤਰ ਰੱਦ ਕਰਨ ਅਤੇ ਮੁਲਾਜ਼ਮਾਂ ਲਈ 2.59 ਗੁਣਾਕ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਜਾਰੀ ਕੀਤੇ ਨੋਟਿਸ ਵਾਪਸ ਲਏ ਜਾਣ। ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਮੁਲਾਜ਼ਮ ਵਰਗ ਵਿੱਚ ਵਧ ਰਹੇ ਰੋਸ ਨੂੰ ਸ਼ਾਂਤ ਕੀਤਾ ਜਾ ਸਕੇ।