- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਸਰਕਾਰ ਬਣਨ ’ਤੇ ਹੋਵੇਗਾ ਪੰਜਾਬ ਦਾ ਸਰਵਪੱਖੀ ਵਿਕਾਸ : ਸ਼ੰਭੂ ਨਾਥ ਭਾਰਤੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਦੁੱਖੀ ਅਤੇ ਨਿਰਾਸ਼ ਹੈ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਵਿਕਾਸ ਦੇ ਵੱਖ-ਵੱਖ ਖੇਤਰਾਂ ਵਿੱਚ ਹੋਰਨਾਂ ਸੂਬਿਆਂ ਨਾਲੋਂ ਪਿੱਛੜਦਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਮਤੀ ਮੈਂਬਰ ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ, ਉਦਯੋਗ, ਖੇਤੀਬਾੜੀ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕਈ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਨਹੀਂ ਮਿਲ ਰਹੇ, ਜਦਕਿ ਕਿਸਾਨ, ਵਪਾਰੀ ਅਤੇ ਕਰਮਚਾਰੀ ਵਰਗ ਵੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਬਣਨ ’ਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਅਤੇ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।