- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਕਾਂਗਰਸ: ਸਚਿਨ ਸਮਿਆਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਉੱਤਰਾਖੰਡ ਦੇ ਹਲਦਵਾਨੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੀ ਸਾਬਕਾ ਯੂਥ ਕਾਂਗਰਸ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ-ਪ੍ਰਧਾਨ ਸਚਿਨ ਸਮਿਆਲ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਸਿਆਸੀ ਅਸਹਿਮਤੀ ਨੂੰ ਦਬਾਉਣ ਅਤੇ ਕਥਿਤ ਜਾਤੀ-ਆਧਾਰਿਤ ਘਟਨਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਲੋਕਤੰਤਰ ਵਿੱਚ ਹਰ ਸਿਆਸੀ ਪਾਰਟੀ ਅਤੇ ਉਸ ਦੇ ਆਗੂਆਂ ਨੂੰ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਸਵਾਲ ਉਠਾਉਣ ਅਤੇ ਜਵਾਬਦੇਹੀ ਦੀ ਮੰਗ ਕਰਨ ਦਾ ਪੂਰਾ ਅਧਿਕਾਰ ਹੈ। ਹਲਦਵਾਨੀ ਦੇ ਰਾਮਲੀਲ੍ਹਾ ਮੈਦਾਨ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮੌਜੂਦਗੀ ਵਿੱਚ ਹੋਈ ਜਨਤਕ ਸਭਾ ਤੋਂ ਬਾਅਦ ਸਾਹਮਣੇ ਆਏ ਕਥਿਤ ‘ਸ਼ੁੱਧੀਕਰਨ ਸਮਾਗਮ’ ਨੂੰ ਲੈ ਕੇ ਰਾਹੁਲ ਗਾਂਧੀ ਨੇ ਜਵਾਬਦੇਹੀ ਦੀ ਮੰਗ ਕੀਤੀ ਸੀ। ਇਸ ਮੁੱਦੇ ਨੂੰ ਉਠਾਉਣ ਤੋਂ ਬਾਅਦ ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਦਰਜ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕਾਂਗਰਸ ਸਮਾਜਿਕ ਨਿਆਂ, ਬਰਾਬਰੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਸਾਬਕਾ ਸਰਪੰਚ ਅਸ਼ਵਨੀ ਕੁਮਾਰ, ਸਾਬਕਾ ਸਰਪੰਚ ਰਾਕੇਸ਼ ਮਨਹਾਸ ਅਤੇ ਨੰਬਰਦਾਰ ਪ੍ਰਸ਼ੋਤਮ ਸਿੰਘ ਬੱਗਾ ਵੀ ਹਾਜ਼ਰ ਸਨ।