ਡੇਂਗੂ ਟ੍ਰਾਂਸਮਿਸ਼ਨ ਸੀਜ਼ਨ ਦੌਰਾਨ ਰੋਜ਼ਾਨਾ ਘਰ-ਘਰ ਲਾਰਵਾ ਸਰਵੇ ਅਤੇ ਜਾਗਰੂਕਤਾ ਮੁਹਿੰਮ ਡੇਂਗੂ ਟ੍ਰਾਂਸਮਿਸ਼ਨ ਸੀਜ਼ਨ ਦੌਰਾਨ ਰੋਜ਼ਾਨਾ ਘਰ-ਘਰ ਲਾਰਵਾ ਸਰਵੇ ਅਤੇ ਜਾਗਰੂਕਤਾ ਮੁਹਿੰਮ
Publish Date: Thu, 03 Sep 2026 03:54 PM (IST)
Updated Date: Thu, 03 Sep 2026 03:55 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਡੇਂਗੂ ਦੇ ਟ੍ਰਾਂਸਮਿਸ਼ਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਰਬਨ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਨਸ਼ਟ ਕਰਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸ਼ਹਿਰ ਹੁਸ਼ਿਆਰਪੁਰ ਦੀਆਂ ਟੀਮਾਂ ਵੱਲੋਂ 1755 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 83 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਏਡੀਜ਼ ਮੱਛਰ ਦਾ ਲਾਰਵਾ ਪਾਇਆ ਗਿਆ। ਲਾਰਵਾ ਮਿਲਣ ਵਾਲੀਆਂ ਥਾਵਾਂ ’ਤੇ ਤੁਰੰਤ ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਗਿਆ। ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 21 ਕੇਸ ਅਤੇ ਚਿਕਨਗੁਨੀਆ ਦੇ 2 ਕੇਸ ਸਾਹਮਣੇ ਆਏ ਹਨ। ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਲੋੜ ਹੈ ਅਤੇ ਬੁਖਾਰ ਜਾਂ ਡੇਂਗੂ ਨਾਲ ਸਬੰਧਿਤ ਲੱਛਣ ਹੋਣ ’ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਪੰਫਲੈੱਟ ਵੀ ਵੰਡੇ ਗਏ।