- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀਰਵਾਰ ਸਵੇਰੇ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇੱਕ ਖੇਡ ਸਰਗਰਮੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਹੈ। ਵਿਧਾਇਕ ਜਿੰਪਾ ਨੇ ਮੈਰਾਥਨ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ। ਮੈਰਾਥਨ ਸਵੇਰੇ 7 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਤੋਂ ਸ਼ੁਰੂ ਹੋਈ। ਭਾਗੀਦਾਰਾਂ ਨੇ ਭੰਗੀ ਚੋਅ ਕਰਾਸ, ਭੂਮੀ ਸੰਭਾਲ ਦਫ਼ਤਰ, ਮਾਤਾ ਚਿੰਤਪੂਰਨੀ ਗੇਟ, ਭਗਵਾਨ ਵਾਲਮੀਕਿ ਚੌਕ, ਨਲੋਈਆਂ ਚੌਕ ਰੋਡ ਅਤੇ ਟਾਂਡਾ ਬਾਈਪਾਸ ਤੋਂ ਹੁੰਦੇ ਹੋਏ ਮੁੜ ਲਾਜਵੰਤੀ ਆਊਟਡੋਰ ਸਟੇਡੀਅਮ ਪਹੁੰਚ ਕੇ ਮੈਰਾਥਨ ਪੂਰੀ ਕੀਤੀ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੂਧ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।