- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੰਗਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵਿਸ਼ਾਲ ਇਕੱਤਰਤਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਕਸਬਾ ਭੰਗਾਲਾ ਦੇ ਨਿੱਜੀ ਪੈਲੇਸ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਵਿਸ਼ਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ਵਿੱਚ ਉਚੇਚੇ ਤੌਰ ’ਤੇ ਪੁੱਜੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਦਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਵਾਗਤ ਕੀਤਾ ਗਿਆ। ਇਹ ਇਕੱਤਰਤਾ ਭਾਈ ਘਨ੍ਹਈਆ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿੱਚ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਇਲਾਕਾ ਵਾਸੀਆਂ, ਬਜ਼ੁਰਗਾਂ, ਮਾਵਾਂ-ਭੈਣਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੇ ਹਿੱਤਾਂ, ਵੱਧ ਰਹੇ ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨੀ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਵਰਕਰਾਂ ਅਤੇ ਸੰਗਤਾਂ ਨੂੰ ਪਿੰਡ-ਪਿੰਡ ਜਾ ਕੇ ਪਾਰਟੀ ਦੀ ਸੋਚ ਅਤੇ ਪੰਜਾਬ ਪੱਖੀ ਮੁੱਦਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮਿਲੇ ਲੋਕ ਸਮਰਥਨ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਪਾਰਟੀ ਆਗੂਆਂ ਅਤੇ ਜ਼ਿਲ੍ਹਾ ਟੀਮ ਦਾ ਧੰਨਵਾਦ ਕੀਤਾ ਗਿਆ। ਸੁਸਾਇਟੀ ਵੱਲੋਂ ਬਾਪੂ ਤਰਸੇਮ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜ੍ਹਾ, ਜ਼ਿਲ੍ਹਾ ਪ੍ਰੈੱਸ ਸਕੱਤਰ ਲਾਡੀ ਨਿੱਝਰ, ਜ਼ਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਸੈਨਪੁਰ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਸਰਕਲ ਪ੍ਰਧਾਨ ਜਸਵਿੰਦਰ ਚੌਹਾਨ, ਸਰਕਲ ਪ੍ਰਧਾਨ ਅਮਰੀਕ ਜਲੋਟਾ, ਦਿਲਬਾਗ ਸਿੰਘ ਮੰਝਪੁਰ, ਨੰਬਰਦਾਰ ਹਰਿੰਦਰ ਸਿੰਘ, ਨੰਬਰਦਾਰ ਰੁਪਿੰਦਰ ਸਿੰਘ, ਕਰਨੈਲ ਸਿੰਘ ਜਹਾਨਪੁਰ, ਬੀਬੀ ਰਣਜੀਤ ਕੌਰ, ਸੁਖਵਿੰਦਰ ਕੌਰ, ਮਲਕੀਤ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।