- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜਸ਼ੰਕਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਗੁਰਦੁਆਰਾ ਕਮੇਟੀ ਵੱਲੋਂ ਵਿਦਿਆਰਥੀਆਂ ਵਿਚ ਗੁਰਬਾਣੀ ਪ੍ਰਤੀ ਸ਼ਰਧਾ, ਸਤਿਕਾਰ ਅਤੇ ਸ਼ੁੱਧ ਉਚਾਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਗੁਰਬਾਣੀ ਦੀਆਂ ਪੰਗਤੀਆਂ ਦਾ ਸ਼ੁੱਧ, ਸਪੱਸ਼ਟ ਅਤੇ ਭਾਵਪੂਰਵਕ ਉਚਾਰਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇਬਾਜ਼ਾਂ ਦਾ ਮੁਲਾਂਕਣ ਡਾ. ਸੰਘਾ ਗੁਰਬਖਸ਼ ਕੌਰ, ਪ੍ਰੋ. ਰਾਏਦੀਪ ਸਿੰਘ, ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀਂ ਸ਼ਬਦ ਗੁਰੂ ਹਨ। ਗੁਰਬਾਣੀ ਨੂੰ ਸ਼ੁੱਧ ਉਚਾਰਨ ਅਤੇ ਸਤਿਕਾਰ ਨਾਲ ਪੜ੍ਹਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਚ ਪਿ੍ਰੰਸ ਸਿੰਘ ਬੀਸੀਏ ਭਾਗ ਪਹਿਲਾ ਨੇ ਪਹਿਲਾ ਸਥਾਨ, ਅਮਨਦੀਪ ਕੌਰ ਬੀਐੱਸਸੀ ਮੈਡੀਕਲ ਭਾਗ ਦੂਜਾ ਨੇ ਦੂਜਾ ਅਤੇ ਰਜਨੀ ਕੌਰ ਬੀਏ ਭਾਗ ਤੀਜਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।