- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਅਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਪੂਰਨ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਸਾਰੇ ਹੁਕਮ 7 ਨਵੰਬਰ, 2026 ਤੱਕ ਲਾਗੂ ਰਹਿਣਗੇ।