- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੰਮੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ : ਮੰਝਪੁਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪੰਜਾਬ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਲੰਮੇ ਬਿਜਲੀ ਕੱਟ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ। ਸਰਕਾਰ ਹਰ ਵਾਰ ਕੋਲੇ ਦੀ ਘਾਟ, ਤਕਨੀਕੀ ਸਮੱਸਿਆ ਜਾਂ ਹੋਰ ਕਾਰਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀ। ਜੇ ਸਰਕਾਰ ਨੂੰ ਪਹਿਲਾਂ ਤੋਂ ਪਤਾ ਸੀ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਮੰਗ ਵਧਣੀ ਹੈ ਤਾਂ ਕੋਲੇ ਦੀ ਉਪਲੱਬਧਤਾ ਅਤੇ ਬਿਜਲੀ ਉਤਪਾਦਨ ਦੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਪਰ ਬਾਅਦ ਦੀਆਂ ਸਰਕਾਰਾਂ ਨੇ ਵਧਦੀ ਮੰਗ ਦੇ ਅਨੁਸਾਰ ਬਿਜਲੀ ਉਤਪਾਦਨ ਅਤੇ ਪ੍ਰਬੰਧਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਜਿਸ ਕਰ ਕੇ ਸੂਬੇ ਦੀ ਜਨਤਾ ਸਮੇਤ ਪੰਜਾਬ ਦੀ ਕਿਰਸਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਫ਼ਤ ਬਿਜਲੀ ਅਤੇ ਬਿੱਲ ਮਾਫ਼ੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਥਾਂ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਠੋਸ ਪ੍ਰਬੰਧ ਕੀਤੇ ਜਾਣ।