- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਰਵਾਇਆ ਸਨਮਾਨ ਸਮਾਗਮ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਮਹਿਲਾ ਸਖੀਆਂ ਦੇ ਸਨਮਾਨ ਲਈ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਸਮੂਹ ਸਖੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਖੀਆਂ ਨੂੰ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਸਮਾਜਿਕ ਜ਼ਿੰਮੇਵਾਰੀ ਅਤੇ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸਨਮਾਨਿਤ ਕੀਤਾ ਗਿਆ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਹੈ। ਕਿਸੇ ਵੀ ਸਰਕਾਰੀ ਯੋਜਨਾ ਦੀ ਕਾਮਯਾਬੀ ਉਸ ਸਮੇਂ ਹੀ ਯਕੀਨੀ ਬਣਦੀ ਹੈ, ਜਦੋਂ ਉਸ ਦਾ ਲਾਭ ਯੋਗ ਲਾਭਪਾਤਰੀ ਤੱਕ ਪੁੱਜੇ। ਔਰਤਾਂ ਦੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਮਾਵਾਂ-ਧੀਆਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੇ ਸਰਕਾਰੀ ਉਪਰਾਲਿਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਮਹਿਲਾ ਵਿੰਗ ਹਲਕਾ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਮੀਨਾਕਸ਼ੀ, ਬੀਬੀ ਸੁਰਜੀਤ ਕੌਰ ਐੱਮਸੀ, ਮੀਤ ਪ੍ਰਧਾਨ ਨਗਰ ਕੌਂਸਲ ਬੀਬੀ ਮਧੂਮਿਤਾ, ਪੂਨਮ ਰੱਤੂ ਐੱਮਸੀ, ਪ੍ਰਿਆ ਠਾਕੁਰ ਬਲਾਕ ਕੋਆਰਡੀਨੇਟਰ ਸਮੇਤ ਹੋਰ ਪਾਰਟੀ ਆਗੂ, ਮਹਿਲਾ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।