ਪਿੰਡ ਸਲੇਮਪੁਰ ’ਚ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕਰਵਾਈ ਪਿੰਡ ਸਲੇਮਪੁਰ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕਰਵਾਈ
Publish Date: Tue, 15 Sep 2026 05:35 PM (IST)
Updated Date: Tue, 15 Sep 2026 05:38 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਝੋਨੇ ਦੀ ਪਰਾਲੀ ਨੂੰ ਅੱਗ ਲਾਉੁਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮੁਹਿੰਮ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਹੁਸ਼ਿਆਰਪੁਰ-2 ਬਲਾਕ ਦੇ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਅਪਣਾਏ ਪਿੰਡ ਸਲੇਮਪੁਰ ਦੇ ਕਿਸਾਨਾਂ ਲਈ ਪਿੰਡ ਸਲੇਮਪੁਰ ਅਤੇ ਕੇਵੀਕੇ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਬਤ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਦੀ ਸ਼ੁਰੂਆਤ ਵਿੱਚ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਜ਼ਮੀਨ ਦੀ ਸਿਹਤ ’ਤੇ ਅਸਰ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮਿਤੀ 18 ਤੇ 19 ਸਤੰਬਰ, 2026 ਨੂੰ ਹੋਣ ਵਾਲੇ ਸੂਬਾ ਪੱਧਰੀ ਕਿਸਾਨ ਮੇਲੇ ਵਿੱਚ ਭਰਵੀਂ ਸ਼ਮੂਲੀਅਤ ਲਈ ਸੱਦਾ ਵੀ ਦਿੱਤਾ। ਕੇਂਦਰ ਦੇ ਸਹਿਯੋਗੀ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਖਾਦ, ਊਰਜਾ, ਗੱਤਾ ਉਦਯੋਗ, ਖੁੰਬ ਉਤਪਾਦਨ, ਮਲਚ ਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਹਾਇਕ ਪ੍ਰੋਫੈਸਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਹੁਸ਼ਿਆਰਪੁਰ-2 ਦੇ ਖੇਤੀ ਵਿਕਾਸ ਅਫਸਰ ਡਾ. ਧਰਮਵੀਰ ਸ਼ਾਰਦ ਵੱਲੌਂ ਵਿਭਾਗੀ ਕਿਸਾਨ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ ਗਿਆ। ਕਿਸਾਨਾਂ ਦੀ ਸਹੂਲਤ ਲਈ ਸਰਦੀ ਦੀਆਂ ਸਬਜੀਆਂ ਦੀਆਂ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿੱਤ ਵੀ ਉਪਲਬਧ ਕਰਵਾਇਆ ਗਿਆ। ਕਿਸਾਨਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ–ਚਰਚਾ ਵੀ ਕੀਤੀ। ਇਸ ਮੌਕੇ ਪਿੰਡ ਸਲੇਮਪੁਰ ਦੇ ਸਰਪੰਚ ਮੇਜਰ ਸਿੰਘ ਵੱਲੋਂ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ ਤੇ ਸਮੂਹ ਪਿੰਡ ਵਾਸੀਆ ਵੱਲੋਂ ਇਸ ਮੁਹਿੰਮ ਵਿੱਚ ਪੂਰਣ ਸਹਿਯੋਗ ਦਾ ਭਰੋਸਾ ਦਿੱਤਾ ਗਿਆ।