ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਡਰੋਨ ਸ਼ੋਅ ਟਾਂਡਾ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਡਰੋਨ ਸ਼ੋਅ
Publish Date: Wed, 16 Sep 2026 05:16 PM (IST)
Updated Date: Wed, 16 Sep 2026 05:17 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਟਾਂਡਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਵਿੱਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ ਤਾਂ ਜੋ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪ੍ਰਸਾਰ ਕਰ ਕੇ ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਇਆ ਜਾ ਸਕੇ। ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸ਼੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਇਸ ਸਮਾਗਮ ਦੌਰਾਨ ਸੰਤ ਜਸਪਾਲ ਸਿੰਘ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸੰਤ ਬਾਬਾ ਬਲਵੰਤ ਸਿੰਘ, ਜਥੇਦਾਰ ਹਰਮੇਸ਼ ਪ੍ਰਕਾਸ਼ ਸਿੰਘ, ਜਥੇਦਾਰ ਗੁਰਮੀਤ ਸਿੰਘ, ਜਥੇਦਾਰ ਜ਼ੋਰਾਵਰ ਸਿੰਘ, ਬਲਜੀਤ ਸਿੰਘ, ਜਥੇਦਾਰ ਬਾਬਾ ਕੁਲਦੀਪ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਵਾਲੇ, ਸੰਤ ਚੰਦਰ ਸ਼ੇਖਰ ਦਾਸ ਸਕਰਾਲਾ, ਸੰਤ ਸੋਢੀ ਸ਼ਾਹ ਚੋਲੀਪੁਰ ਤੋਂ ਇਲਾਵਾ ਵੱਖ-ਵੱਖ ਟਾਂਡਾ ਦੀਆਂ ਧਾਰਮਿਕ ਸਭਾਵਾਂ ਦੇ ਆਗੂ ਵੱਡੀ ਗਿਣਤੀ ਵਿਚ ਸੰਗਤ ਨਾਲ ਮੌਜੂਦ ਸਨ। ਇਸ ਮੌਕੇ ਹੋਏ ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।