ਪੰਜਾਬ ਸਰਕਾਰ ਨੇ ਵਪਾਰੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ 40 ਕਰੋੜ ਰੁਪਏ ਕੀਤੇ ਮਨਜ਼ੂਰ : ਅਨਿਲ ਠਾਕੁਰ ਪੰਜਾਬ ਸਰਕਾਰ ਨੇ ਵਪਾਰੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ 40 ਕਰੋੜ ਰੁਪਏ ਕੀਤੇ ਮਨਜ਼ੂਰ : ਅਨਿਲ ਠਾਕੁਰ
Publish Date: Wed, 16 Sep 2026 07:26 PM (IST)
Updated Date: Wed, 16 Sep 2026 07:29 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਕੱਲ੍ਹ ਇੱਥੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਬਾਜ਼ਾਰਾਂ ਨਾਲ ਸਬੰਧਿਤ ਮਾਮਲਿਆਂ ਅਤੇ ਸਮੱਸਿਆਵਾਂ ਦਾ ਫੌਰੀ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਬਾਜ਼ਾਰਾਂ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਤੋਂ ਵੱਧ ਦੇ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ ਹਰੇਕ ਜ਼ਿਲ੍ਹੇ ਲਈ 2-2 ਕਰੋੜ ਰੁਪਏ ਖਰਚੇ ਜਾਣਗੇ। ਸੂਬੇ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਹੈ, ਜਿਸ ਵਿਚ ਵਪਾਰੀਆਂ ਵੱਲੋਂ 7 ਹਜ਼ਾਰ ਦੇ ਕਰੀਬ ਸ਼ਿਕਾਇਤਾਂ ਅਤੇ ਮਾਮਲੇ ਰੱਖੇ ਗਏ, ਜਿਨ੍ਹਾਂ ਵਿਚੋਂ 6 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਾ ਢੁੱਕਵਾਂ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਮਾਮਲਿਆਂ ’ਤੇ ਵੀ ਜੰਗੀ ਪੱਧਰ ’ਤੇ ਕਾਰਵਾਈ ਜਾਰੀ ਹੈ। ਹਰੇਕ ਜ਼ਿਲ੍ਹੇ ਨੂੰ ਦਿੱਤੇ ਜਾ ਰਹੇ 2-2 ਕਰੋੜ ਰੁਪਏ ਕਮਿਸ਼ਨ ਦੀਆਂ ਜ਼ਿਲ੍ਹਾ ਕਮੇਟੀਆਂ ਦੀਆਂ ਸਿਫਾਰਸ਼ਾਂ ਅਨੁਸਾਰ ਬਾਜ਼ਾਰਾਂ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਖਰਚੇ ਜਾਣਗੇ। ਇਸ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਦ੍ਰਿਪਨ ਸੈਣੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਵਪਾਰੀਆਂ ਦੇ ਮਾਮਲਿਆਂ ਨੂੰ ਤਰਜ਼ੀਹ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨਿਪਟਾਇਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਸੁਮਿਤ ਮੁਧ, ਸਮੂਹ ਐੱਸਡੀਐੱਮਜ਼, ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਅਤੇ ਵਪਾਰ ਮੰਡਲ ਦੇ ਅਹੁਦੇਦਾਰ ਵੀ ਮੌਜੂਦ ਸਨ।