ਹਰਿਆਣਾ ਦੀ ਦੁਸਹਿਰ ਗਰਾਊਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੋਸ਼ਨ ਹਰਿਆਣਾ ਦੀ ਦੁਸਹਿਰ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ
Publish Date: Thu, 17 Sep 2026 03:52 PM (IST)
Updated Date: Thu, 17 Sep 2026 03:53 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਸ਼ਾਮ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਹਿਰਾ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਡਰੋਨ ਸ਼ੋਅਜ਼, ਡਾਕੂਮੈਂਟਰੀ, ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਮਾਗਮ ਦੌਰਾਨ ਸੰਤ ਪ੍ਰਦੀਪ ਕੁਮਾਰ ਕਠਾਰ, ਸੰਤ ਬਲਬੀਰ ਦਾਸ ਪਿੰਡ ਸਾਹਰੀ, ਸੁਖਰਾਜ ਸਿੰਘ, ਬਿਰਧ ਆਰਸ਼ਮ ਹਰਿਆਣਾ ਤੋਂ ਬਲਬੀਰ ਸਿੰਘ, ਗੁਰਦੁਆਰਾ ਨਾਨਕਪੁਰਾ ਨੂਰਪੁਰ ਤੋਂ ਓਂਕਾਰ ਸਿੰਘ ਧਾਮੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤ ਵੀ ਮੌਜੂਦ ਸੀ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।