ਟਾਂਡਾ ’ਚ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਟਾਂਡਾ ’ਚ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ
Publish Date: Thu, 17 Sep 2026 05:48 PM (IST)
Updated Date: Thu, 17 Sep 2026 05:50 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਟਾਂਡਾ ਸ਼ਹਿਰ ਵਿੱਚ ਦੁਕਾਨਦਾਰਾਂ ਤੇ ਫ਼ੜੀ ਰੇਹੜੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਰੋਜ਼ਾਨਾ ਘੰਟਿਆਂ ਬੱਧੀ ਜਾਮ ਲਗਦਾ ਹੈ ਅਤੇ ਰਾਹਗੀਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਨਗਰ ਕੌਂਸਲ ਟਾਂਡਾ, ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਇਨ੍ਹਾਂ ਕਬਜ਼ਾਧਾਰੀਆਂ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਕਥਿਤ ਸ਼ਹਿ ’ਤੇ ਸੜਕਾਂ ’ਤੇ 20 ਤੋਂ 25 ਫੁੱਟ ਤੱਕ ਸ਼ਰੇਆਮ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਕਬਜ਼ਿਆਂ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਗੱਲ ਕਰੀਏ ਜਾਜਾ ਚੌਕ ਬਾਈਪਾਸ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਮੁੱਖ ਸੜਕ ਦੀ ਤਾਂ ਸੜਕ ਕਿਨਾਰੇ ਸਰਕਾਰੀ ਜਗ੍ਹਾ ਵਿੱਚ ਸਬਜ਼ੀਆਂ ਅਤੇ ਫਲਾਂ ਦੀਆਂ ਰੇਹੜੀਆਂ ਤੋਂ ਇਲਾਵਾ ਦੁਕਾਨਾਂ ਬਣੀਆਂ ਹੋਈਆਂ ਹਨ। ਕਈ ਥਾਵਾਂ ’ਤੇ ਲੋਕਾਂ ਵੱਲੋਂ ਲਗਭਗ 20 ਫੁੱਟ ਤੋਂ 25 ਫੁੱਟ ਤੱਕ ਸੜਕ ਕਿਨਾਰੇ ਨਾਜਾਇਜ਼ ਕਬਜ਼ਾ ਕਰ ਕੇ ਆਪਣੀਆਂ ਦੁਕਾਨਾਂ ਸਜਾਈਆਂ ਹੋਈਆਂ ਹਨ। ਇਨ੍ਹਾਂ ਨਾਜਾਇਜ਼ ਕਬਜ਼ਿਆਂ ਅਤੇ ਰੇਹੜੀਆਂ ਕਾਰਨ ਕਈ ਵਾਰ ਇੱਥੇ ਇੰਨਾ ਜ਼ਿਆਦਾ ਜਾਮ ਲੱਗ ਜਾਂਦਾ ਹੈ ਕਿ ਵਾਹਨ ਆਪਸ ਵਿੱਚ ਟਕਰਾ ਜਾਂਦੇ ਹਨ। ਕਈ ਵਾਰ ਕਾਰਾਂ ਦੀ ਸਕੂਟਰਾਂ ਨਾਲ ਟੱਕਰ ਹੋਣ ਕਾਰਨ ਲੋਕ ਜ਼ਖ਼ਮੀ ਵੀ ਹੋ ਜਾਂਦੇ ਹਨ ਅਤੇ ਝਗੜੇ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਟਾਂਡਾ ਦਾ ਸਰਕਾਰੀ ਹਸਪਤਾਲ ਇਸ ਮੁੱਖ ਸੜਕ ’ਤੇ ਬਣਿਆ ਹੋਇਆ ਹੈ ਅਤੇ ਕਈ ਵਾਰ ਇਸ ਸੜਕ ’ਤੇ ਲੱਗੇ ਜਾਮ ਕਰਕੇ ਐਂਬੂਲੈਂਸ ਅਤੇ ਸਕੂਲਾਂ ਦੀਆਂ ਬੱਸਾਂ ਨੂੰ ਵੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਕਬਜ਼ਾਧਾਰਕ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਥਾਵਾਂ ’ਤੇ ਦੁਕਾਨਾਂ ਅਤੇ ਰੇਹੜੀਆਂ ਲਗਾ ਰਹੇ ਹਨ ਅਤੇ ਇਸ ਦੇ ਬਦਲੇ ਕਥਿਤ ਤੌਰ ’ਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਹੀਨਾਵਾਰ ਰਕਮ ਦਿੰਦੇ ਹਨ। ਉਧਰ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੜਕ ਕਿਨਾਰੇ ਕੀਤੇ ਗਏ ਇਨ੍ਹਾਂ ਕਬਜ਼ਿਆਂ ਦੀ ਜਾਣਕਾਰੀ ਹੈ ਤਾਂ ਇੰਨੇ ਲੰਬੇ ਸਮੇਂ ਤੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਅਧਿਕਾਰੀਆਂ ਦੀ ਸ਼ਹਿ ’ਤੇ ਨਾਜਾਇਜ਼ ਕਬਜ਼ਿਆਂ ਦਾ ਇਹ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਕੀ ਕਹਿਣਾ ਕਾਰਜ ਸਾਧਕ ਅਫਸਰ ਟਾਂਡਾ ਦਾ : ਇਸ ਸਬੰਧੀ ਜਦੋਂ ਨਗਰ ਕੌਂਸਲ ਟਾਂਡਾ ਦੇ ਕਾਰਜ ਸਾਧਕ ਅਫ਼ਸਰ ਵਿਜੇ ਡੋਗਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਈ ਵਾਰ ਇਨ੍ਹਾਂ ਲੋਕਾਂ ਨੂੰ ਕਬਜ਼ੇ ਹਟਾਉਣ ਲਈ ਕਿਹਾ ਗਿਆ ਹੈ ਅਤੇ ਕਈ ਵਾਰ ਸਾਮਾਨ ਵੀ ਚੁੱਕਿਆ ਗਿਆ ਹੈ, ਪਰ ਇਹ ਲੋਕ ਮੁੜ ਉਸੇ ਥਾਂ ’ਤੇ ਨਾਜਾਇਜ਼ ਕਬਜ਼ਾ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਦੁਬਾਰਾ ਇਹ ਕਬਜ਼ੇ ਹਟਾਏ ਜਾਣਗੇ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਜਿਨ੍ਹਾਂ ਲੋਕਾਂ ਨੇ ਸੜਕ ਕਿਨਾਰੇ ਪੱਕੀਆਂ ਫੜ੍ਹੀਆਂ ਲਗਾਈਆਂ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਕਬਜ਼ਾਧਾਰੀਆਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਬਜ਼ਾਧਾਰਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਮਹੀਨਾਵਾਰ ਰਕਮ ਦੇਣ ਦੇ ਦੋਸ਼ਾਂ ਸਬੰਧੀ ਪੁੱਛੇ ਜਾਣ ’ਤੇ ਵਿਜੇ ਡੋਗਰਾ ਨੇ ਕਿਹਾ ਕਿ ਨਗਰ ਕੌਂਸਲ ਦੇ ਕਰਮਚਾਰੀ ਕਿਸੇ ਤੋਂ ਕੋਈ ਪੈਸਾ ਨਹੀਂ ਲੈਂਦੇ। ਜੇਕਰ ਕੋਈ ਕਰਮਚਾਰੀ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਉਨ੍ਹਾਂ ਦੇ ਦਫ਼ਤਰ ਆ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।